ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ਼, ਪੋਸਟਰ ਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ
ਜੇਤੂ ਵਿਦਿਆਰਥੀ 3 ਨਵੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ‘ਚ ਲੈਣਗੇ ਹਿੱਸਾ : ਡਾ. ਦਿਲਵਰ ਸਿੰਘ
ਪਟਿਆਲਾ, 2 ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ਼, ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਉਕਤ ਮੁਕਾਬਲਿਆਂ ਵਿੱਚ ਜ਼ਿਲ੍ਹੇ ਅੰਦਰ ਚੱਲ ਰਹੇ ਸਮੂਹ ਰੈਡ ਰਿਬਨ ਕਲੱਬਾਂ ਦੇ ਨੋਡਲ ਅਫ਼ਸਰਾਂ ਅਤੇ ਰੈਡ ਰਿਬਨ ਕਲੱਬਾਂ ਦੇ ਮੈਂਬਰਾਂ ਨੇ ਵੱਧ ਚੜ੍ਹ ਕੇ ਸ਼ਿਰਕਤ ਕੀਤੀ।
ਉਨ੍ਹਾਂ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲੇ ਵਿਚ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੇ ਵਿਦਿਆਰਥੀ ਸਿਮਰਨਜੀਤ ਸਿੰਘ ਨੇ ਪਹਿਲਾ, ਸਟੇਟ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਦੂਜਾ ਅਤੇ ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਦੀ ਵਿਦਿਆਰਥਣ ਅਲਮਸ ਰਾਜੀ ਨੇ ਤੀਜਾ ਸਥਾਨ ਹਾਸਲ ਕੀਤਾ। ਸਲੋਗਨ ਲਿਖਣ ਮੁਕਾਬਲੇ ਵਿਚ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੀ ਵਿਦਿਆਰਥਣ ਮੁਸਕਾਨ ਨੇ ਪਹਿਲਾ, ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਦੀ ਵਿਦਿਆਰਥਣ ਨਵਜੋਤ ਕੌਰ ਨੇ ਦੂਜਾ ਅਤੇ ਸਰਕਾਰੀ ਮੋਹਿੰਦਰਾ ਕਾਲਜ ਪਟਿਆਲਾ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿਚ ਮੁਲਤਾਨੀ ਮੱਲ ਮੋਦੀ ਕਾਲਜ ਨੇ ਪਹਿਲਾ, ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਨੇ ਦੂਜਾ ਅਤੇ ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਪਟਿਆਲਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮੋਦੀ ਕਾਲਜ, ਪਟਿਆਲਾ ਦੇ ਪ੍ਰੋ. ਰਾਜੀਵ ਸ਼ਰਮਾ ਵੱਲੋਂ ਕੁਇਜ਼ ਕੰਡਕਟ ਕਰਵਾਇਆ ਗਿਆ। ਸਮੂਹ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ। ਕੁਇਜ਼ ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਟੀਮ ਨੂੰ ਚਾਰ ਹਜ਼ਾਰ ਰੁਪਏ, ਦੂਜੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਟੀਮ ਨੂੰ ਤਿੰਨ ਹਜ਼ਾਰ ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ ਦੋ ਹਜ਼ਾਰ ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਦਿਲਵਰ ਸਿੰਘ ਵੱਲੋਂ ਦੱਸਿਆ ਗਿਆ ਕਿ ਕੁਇਜ਼ ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਜੇਤੂ ਟੀਮ ਚਿਤਕਾਰਾ ਯੂਨੀਵਰਸਿਟੀ ਵਿਖੇ ਆਯੋਜਿਤ ਰਾਜ ਪੱਧਰੀ ਕੁਇਜ਼ ਮੁਕਾਬਲੇ ਵਿੱਚ 3 ਨਵੰਬਰ ਨੂੰ ਹਿੱਸਾ ਲਵੇਗੀ।























