ਪ੍ਰਧਾਨ ਮੰਤਰੀ ਮੋਦੀ 5 ਨਵੰਬਰ ਨੂੰ ਆਉਣਗੇ ਪੰਜਾਬ
ਚੰਡੀਗੜ੍ਹ, 3ਨਵੰਬਰ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਪੰਜਾਬ ਆਉਣਗੇ। ਉਹ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ ਅਤੇ ਹਿਮਾਚਲ ਪ੍ਰਦੇਸ਼ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਉਥੇ ਰੈਲੀਆਂ ਕਰਨਗੇ। ਇਸ ਤੋਂ ਪਹਿਲਾਂ ਉਹ ਡੇਰਾ ਬਿਆਸ ਵਿਚ ਪਹੁੰਚਣਗੇ। ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਆਉਣ ਦੇ ਮੱਦੇਨਜ਼ਰ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਬਿਆਸ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਪੁਲਿਸ ਨੂੰ ਵੀ ਇਸ ਸਬੰਧੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਦੇ ਬਾਅਦ ਪ੍ਰਧਾਨ ਮੰਤਰੀ ਹਿਮਾਚਲ ਵਿਚ ਰੈਲੀਆਂ ਨੂੰ ਸੰਬੋਧਨ ਕਰਨਗੇ।
ਦੱਸ ਦੇਈਏ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਸਾਰੀਆਂ 68 ਸੀਟਾਂ ‘ਤੇ 12 ਨਵੰਬਰ ਨੂੰ ਇਕ ਹੀ ਪੜਾਅ ਵਿਚ ਹੋਣਗੀਆਂ। 8 ਦਸੰਬਰ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। 68 ਵਿਧਾਨ ਸਭਾ ਖੇਤਰਾਂ ਵਿਚ 413 ਉਮੀਦਵਾਰ ਚੋਣ ਮੈਦਾਨ ਵਿਚ ਹਨ। ਹਿਮਾਚਲ ਦੇ ਸਭ ਤੋਂ ਵੱਡੇ ਜ਼ਿਲ੍ਹਾ ਕਾਂਗੜਾ ਦੇ 15 ਵਿਧਾਨ ਸਭਾ ਖੇਤਰਾਂ ਵਿਚ ਹੁਣ 91 ਉਮੀਦਵਾਰ ਚੋਣ ਮੈਦਾਨ ਵਿਚ ਹਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ 95 ਉਮੀਦਵਾਰਾਂ ਨੇ ਚੋਣਾਂ ਲੜੀਆਂ ਸੀ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ 5 ਨਵੰਬਰ ਨੂੰ ਸੁੰਦਰਨਗਰ ਤੇ ਦੁਪਹਿਰ ਬਾਅਦ ਸੋਲਨ ਵਿਚ ਜਨ ਸਭਾ ਨੂੰ ਸੰਬੋਧਨ ਕਰਨਗੇ। 9 ਨਵੰਬਰ ਨੂੰ ਕਾਂਗੜਾ ਦੇ ਸ਼ਾਹਪੁਰ ਚੰਬੀ ਮੈਦਾਨ ਵਿਚ ਚੋਣ ਰੈਲੀ ਕਰਨਗੇ। ਪ੍ਰਧਾਨ ਮੰਤਰੀ ਇਸੇ ਦਿਨ ਹਮੀਰਪੁਰ ਦੇ ਸੁਜਾਨਪੁਰ ਵਿਚ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ।























