ਸੁਧੀਰ ਸੂਰੀ ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਨੇ ਕੀਤਾ ਕਾਬੂ
ਡੀਜੀਪੀ ਪੰਜਾਬ ਨੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ
ਚੰਡੀਗਡ਼੍ਹ, 5ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਗਏ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਿਅਕਤੀ, ਜੋ ਕਿ ਗੋਪਾਲ ਮੰਦਿਰ ਅੰਮ੍ਰਿਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਦੇ ਕਬਜੇ ਵਿੱਚੋਂ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 302 ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ। ਡੀਜੀਪੀ ਨੇ ਪੰਜਾਬ ਦੀ ਪੁਰਾਣੀ ਭਾਈਚਾਰਕ ਸਾਂਝ ਦੇ ਮਿਸਾਲੀ ਰਿਕਾਰਡ ਬਾਰੇ ਦੱਸਦਿਆਂ ਮੀਡੀਆ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲੇਟਫਾਰਮਾਂ ਜਾਂ ਸੋਸ਼ਲ ਮੀਡੀਆ ‘ਤੇ ਗ਼ੈਰ-ਪ੍ਰਮਾਣਿਤ ਗੱਲਾਂ/ਖਬਰਾਂ ਪੋਸਟ ਕਰਨ ਤੋਂ ਗੁਰੇਜ ਕਰਨ। ਇਸ ਦੇ ਨਾਲ ਹੀ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ।























