ਡੇਰਾ ਪ੍ਰੇਮੀ ਕਤਲ ਮਾਮਲਾ: ਪੁਲਿਸ ਨੇ ਸਬ-ਇੰਸਪੈਕਟਰ ਦਾ ਪੁੱਤਰ ਲਿਆ ਹਿਰਾਸਤ ‘ਚ
ਚੰਡੀਗੜ੍ਹ, 14ਨਵੰਬਰ(ਵਿਸ਼ਵ ਵਾਰਤਾ)- ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਬਠਿੰਡਾ ਵਿੱਚ ਤਾਇਨਾਤ ਸਬ-ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ਵਿੱਚ ਲਿਆ ਹੈ। ਇੰਸਪੈਕਟਰ ਦੇ ਪੁੱਤਰ ‘ਤੇ ਇਲਜ਼ਾਮ ਹਨ ਕਿ ਕਤਲ ਤੋਂ ਬਾਅਦ ਉਸ ਨੇ ਗੋਲੀ ਚਲਾਉਣ ਵਾਲਿਆਂ ਦੇ ਠਹਿਰਣ ਦਾ ਇੰਤਜ਼ਾਮ ਕੀਤਾ ਸੀ। ਜਾਣਕਾਰੀ ਅਨੁਸਾਰ ਮੁਲਜ਼ਮ ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਅਤੇ ਹੋਸਟਲ ਵਿੱਚ ਹੀ ਰਹਿੰਦਾ ਹੈ। ਆਗਾਮੀ ਤਫਤੀਸ਼ ‘ਚ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਨੂੰ ਇਸ ਕਤਲ ਬਾਰੇ ਪਹਿਲਾਂ ਤੋਂ ਜਾਣਕਾਰੀ ਸੀ ਜਾਂ ਨਹੀਂ। ਇਸ ਤੋਂ ਇਲਾਵਾ ਉਸ ਨੇ ਗੋਲੀ ਚਲਾਉਣ ਵਾਲਿਆਂ ਦੇ ਠਹਿਰਣ ਦਾ ਇੰਤਜ਼ਾਮ ਜਦੋਂ ਕੀਤਾ, ਉਸ ਨੂੰ ਇਸ ਕਤਲ ਕਾਂਡ ਦੀ ਜਾਣਕਾਰੀ ਸੀ ਜਾਂ ਨਹੀਂ, ਇਸ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਸ ਨੂੰ ਫੋਨ ਕਰਕੇ ਇਸ ਸਬੰਧੀ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ।























