ਚੰਡੀਗੜ੍ਹ, 27: ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਜਨਤਕ ਆਵਾਜਾਈ ਖੇਤਰ ਨੂੰ ਹੋਰ ਮਜ਼ਬੂਤ ਕਰਨ, ਟਰਾਂਸਪੋਰਟ ਖੇਤਰ ਵਿੱਚ ਅਨੁਸ਼ਾਸਨਹੀਣਤਾ ਅਤੇ ਨਿੱਜੀ ਬੱਸ ਆਪਰੇਟਰਾਂ ਦੀਆਂ ਮਨਮਾਨੀਆਂ ਨੂੰ ਠੱਲ੍ਹ ਪਾਉਣ ਲਈ ਕਮਰ ਕਸਣ ਲਈ ਕਿਹਾ। ਉਨ੍ਹਾਂ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਕੱਤਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਟੈਕਸਾਂ ਦੀ ਉਗਰਾਹੀ ਸਬੰਧੀ ਤੈਅ ਕੀਤੇ ਟੀਚਿਆਂ ਨੂੰ ਹਰ ਹਾਲ ਵਿੱਚ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਨਵੇਂ ਆਈ.ਟੀ. ਸਿਸਟਮ ਨੂੰ ਲਾਗੂ ਕਰਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਤੇ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਜਾਣ। ਇਹ ਨਿਰਦੇਸ਼ ਸ੍ਰੀਮਤੀ ਚੌਧਰੀ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਦਿੱਤੇ।
ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਿਭਾਗ ਵੱਲੋਂ ਦੋ ਮਹੀਨਿਆਂ ਦੇ ਅੰਦਰ 600 ਨਵੀਆਂ ਬੱਸਾਂ ਪਾਈਆਂ ਜਾਣਗੀਆਂ ਜਿਨ੍ਹਾਂ ਵਿੱਚ ਪਨਬਸ ਦੀਆਂ 300 ਸਾਧਾਰਣ ਤੇ 30 ਵੌਲਵੋ ਅਤੇ ਪੀ.ਆਰ.ਟੀ.ਸੀ. ਦੀਆਂ 250 ਤੋਂ ਵੱਧ ਬੱਸਾਂ ਦੀ ਫਲੀਟ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬੱਸਾਂ ਖਰੀਦਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਲਦ ਹੀ ਇਸ ਨੂੰ ਪੂਰਾ ਕਰ ਕੇ ਨਵੀਆਂ ਬੱਸਾਂ ਸੜਕਾਂ ‘ਤੇ ਉਤਰਨਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤ ਦੇਣ ਲਈ ਜਨਤਕ ਆਵਾਜਾਈ ਸਿਸਟਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਦੂਰ ਦਰਾਡੇ ਤੇ ਆਵਾਜਾਈ ਤੋਂ ਸੱਖਣੇ ਖੇਤਰਾਂ ਲਈ ਨਵੇਂ ਰੂਟ ਚਲਾਏ ਜਾਣਗੇ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਨਿੱਜੀ ਬੱਸ ਆਪਰੇਟਰਾਂ ਦੀਆਂ ਮਨਮਾਨੀਆਂ ਰੋਕਣ ਲਈ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਮੂਹ ਸਕੱਤਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਅਤੇ ਇਹ ਯਕੀਨੀ ਬਣਾਉਣ ਨੂੰ ਕਿਹਾ ਹੈ ਕਿ ਕੋਈ ਵੀ ਬੱਸ ਟਾਈਮ ਟੇਬਲ ਅਨੁਸਾਰ ਚੱਲੇ ਅਤੇ ਵੱਧ ਸਮਾਂ ਨਾਲ ਲਗਾਏ। ਇਸ ਤੋਂ ਇਲਾਵਾ ਕੋਈ ਵੀ ਬੱਸ ਅਣ-ਅਧਿਕਾਰਤ ਥਾਵਾਂ ਤੋਂ ਨਾ ਚੱਲੇ। ਉਨ੍ਹਾਂ ਕਿਹਾ ਕਿ ਅਜਿਹੀਆਂ ਹੀ ਗਤੀਵਿਧੀਆਂ ਨੂੰ ਰੋਕਣ ਲਈ ਪ੍ਰਾਈਵੇਟ ਬੱਸਾਂ ‘ਤੇ ਗਲੋਬਲ ਪੋਜੀਸ਼ੀਨਿੰਗ ਸਿਸਟਮ (ਜੀ.ਪੀ.ਐਸ.) ਤਕਨੀਕ ਲਗਾਉਣੀ ਲਾਜ਼ਮੀ ਕਰਨ ਲਈ ਕਿਹਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰੀ ਨਵੀਆਂ ਬੱਸਾਂ ਵਿੱਚ ਜੀ.ਪੀ.ਐਸ. ਤਕਨੀਕ ਨਾਲ ਲੈਸ ਹੋਣਗੀਆਂ ਅਤੇ ਪੁਰਾਣੀਆਂ ਸਰਕਾਰੀ ਬੱਸਾਂ ‘ਤੇ ਵੀ ਇਹ ਸਿਸਟਮ ਲਾਗੂ ਕੀਤਾ ਜਾਵੇਗਾ। ਇਸ ਨਾਲ ਵਿਭਾਗ ਦੇ ਅਧਿਕਾਰੀਆਂ ਕੋਲ ਦਫਤਰ ਬੈਠਿਆਂ ਹੀ ਪੂਰੀ ਜਾਣਕਾਰੀ ਰਹੇਗੀ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਿਹੜੇ ਬੱਸ ਆਪਰੇਟਰ ਇਕ ਪਰਮਿਟ ਉਪਰ ਵੱਧ ਬੱਸਾਂ ਚਲਾ ਰਹੇ ਹਨ, ਉਨ੍ਹਾਂ ‘ਤੇ ਵੀ ਰੋਕ ਲਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਬੱਸਾਂ ਦੇ ਟਾਈਮ ਟੇਬਲ ਵੀ ਤਰਕਸੰਗਤ ਬਣਾਉਣ ਨੂੰ ਕਿਹਾ ਹੈ। ਇਸ ਤੋਂ ਇਲਾਵਾ ਖੇਤਰੀ ਟਰਾਂਸਪੋਰਟ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵਿਭਾਗ ਵੱਲੋਂ ਪਹਿਲਾਂ ਦਿੱਤੇ ਟੀਚਿਆਂ ਨੂੰ ਹਰ ਹੀਲੇ ਤੈਅ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ ਅਤੇ ਇਸ ਵਿੱਚ ਅਣਗਹਿਲੀ ਵਰਤਣ ਵਾਲਿਆਂ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੈਕਸਾਂ ਦੀ ਉਗਰਾਹੀ ਅਤੇ ਬਕਾਇਆ ਦਾ ਭੁਗਤਾਨ ਵੀ ਯਕੀਨੀ ਬਣਾਇਆ ਜਾਵੇ।























