ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੋਂ ਬਾਅਦ ਹੁਣ ਗੁਜਰਾਤ ਵਿੱਚ ਵੀ ਭਾਰੀ ਬਹੁਮਤ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਠੋਕਿਆ ਦਾਅਵਾ
ਚੰਡੀਗੜ੍ਹ 1 ਦਸੰਬਰ(ਵਿਸ਼ਵ ਵਾਰਤਾ) – ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਅੱਜ ਜਾਰੀ ਹੈ ਜਦਕਿ ਦੂਜੇ ਪੜਾਅ ਦੀ ਵੋਟਿੰਗ 5 ਦਸੰਬਰ ਨੂੰ ਹੋਵੇਗੀ ਅਤੇ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਗੁਜਰਾਤ ਵਿੱਚ ਪਿਛਲੇ 24 ਸਾਲਾਂ ਤੋਂ ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਬਰਕਰਾਰ ਹੈ। ਇੱਥੇ ਹਰ ਚੋਣ ਵਿੱਚ ਕਾਂਗਰਸ ਪਾਰਟੀ ਹੀ ਭਾਜਪਾ ਦੀ ਮੁੱਖ ਵਿਰੋਧੀ ਪਾਰਟੀ ਰਹੀ ਹੈ ਪਰ ਇਸ ਵਾਰ ਆਮ ਆਦਮੀ ਪਾਰਟੀ ਨੇ ਵੀ ਜੋਰਦਾਰ ਢੰਗ ਨਾਲ ਚੋਣ ਅਖਾੜੇ ਵਿੱਚ ਆਪਣੀ ਹਾਜ਼ਰੀ ਲਵਾਈ ਹੈ। ਜਿਸ ਨਾਲ ਸਮੀਕਰਨ ਬਦਲਣ ਦੀਆਂ ਵੀ ਸੰਭਾਵਨਾਵਾਂ ਤੇਜ ਹੋ ਗਈਆਂ ਹਨ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਗੁਜਰਾਤ ਵਿੱਚ ਵੀ ਪੂਰਾ ਜ਼ੋਰ ਲਗਾ ਦਿੱਤਾ ਹੈ। ਅਜਿਹੇ ‘ਚ ਮੁਕਾਬਲਾ ਤਿਕੋਣਾ ਹੋ ਸਕਦਾ ਹੈ। ਪਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿੱਚ ਵੀ ਪੰਜਾਬ ਵਾਂਗ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ। ਭਾਜਪਾ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ‘ਆਪ’ ਲੋਕ-ਪੱਖੀ ਪਾਰਟੀ ਹੈ ਅਤੇ ਆਮ ਜਨਤਾ ਦੀ ਭਲਾਈ ਲਈ ਕੰਮ ਕਰਦੀ ਹੈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਿਰਫ਼ ‘ਆਪਣੇ ਪੂੰਜੀਵਾਦੀ ਦੋਸਤਾਂ ਦਾ ਕਰਜ਼ਾ ਮੁਆਫ਼’ ਕਰਦੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦਾਅਵਾ ਕੀਤਾ ਕਿ ਜਿਸ ਤਰ੍ਹਾਂ ‘ਆਪ’ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾ ਕੇ ਪੰਜਾਬ ਅਤੇ ਦਿੱਲੀ ਵਿੱਚ ਮੁਫਤ ਬਿਜਲੀ ਦੇਣ ਅਤੇ ਮੁਹੱਲਾ ਕਲੀਨਿਕਾਂ ਦੀ ਉਸਾਰੀ ਲਈ ਫੰਡਾਂ ਦਾ ਪ੍ਰਬੰਧ ਕੀਤਾ ਹੈ, ਉਸੇ ਤਰ੍ਹਾਂ ਉਹ ਗੁਜਰਾਤ ਦੇ ਲੋਕਾਂ ਨੂੰ ਚੰਗੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਗੇ ਪੰਜਾਬ ਸਰਕਾਰ ਵੱਲੋਂ ਸਾਬਕਾ ਵਿਧਾਇਕਾਂ ਨੂੰ ਮਿਲਦੀਆਂ ਮਲਟੀ ਪੈਨਸ਼ਨਾਂ ਬੰਦ ਕਰਕੇ ਹੁਣ ਟੈਕਸਦਾਤਾਵਾਂ ਦਾ ਇਹ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਨੀਤੀਆਂ ਦਾ ਜ਼ਿਕਰ ਕਰਦਿਆਂ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ 2004 ਵਿੱਚ ਬੰਦ ਕੀਤੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਹੈ ਜਿਸ ਤੋਂ ਬਾਅਦ ਗੁਜਰਾਤ ਅਤੇ ਹੋਰਨਾਂ ਸੂਬਿਆਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਅਜਿਹੇ ਫੈਸਲੇ ਲਏ ਜਾ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਉਹਨਾਂ ਦੀ ਸਰਕਾਰ ਨੇ ਸਿਰਫ਼ ‘ਤੇ ਸਿਰਫ਼ ਮੈਰਿਟ ਦੇ ਆਧਾਰ ‘ਤੇ 20,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਸੂਬੇ ਦੇ 36,000 ਕੱਚੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਸਰਕਾਰ ਨੇ ਪੰਜਾਬ ਵਿੱਚ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਦਰਵਾਜ਼ੇ ‘ਤੇ ਚੰਗਾ ਅਤੇ ਮੁਫਤ ਇਲਾਜ ਦੇਣ ਲਈ 100 ਆਮ ਆਦਮੀ ਕਲੀਨਿਕਾਂ ਦਾ ਨਿਰਮਾਣ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਵਧਾ ਕੇ 500 ਕੀਤੀ ਜਾਵੇਗੀ। ਮਾਨ ਲਗਾਤਾਰ ‘ਆਪ’ ਦੀ ਸਰਕਾਰ ਬਣਨ ’ਤੇ ਗੁਜਰਾਤ ਵਿੱਚ ਰੁਜ਼ਗਾਰ, ਬਿਹਤਰ ਸਿਹਤ ਸਹੂਲਤਾਂ, ਸਕੂਲ ਸੁਧਾਰਨ ਅਤੇ ਚੰਗਾ ਬੁਨਿਆਦੀ ਢਾਂਚਾ ਦੇਣ ਦਾ ਭਰੋਸਾ ਦੇ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਵਿੱਚ ਭਾਰੀ ਬਹੁਮਤ ਦਾ ਦਾਅਵਾ ਤਾਂ ਕਰ ਰਹੇ ਹਨ ਪਰ ਲੋਕਾਂ ਵੱਲੋਂ ਦਿੱਤੇ ਫਤਵੇ ਦੀ ਅਸਲ ਕਹਾਣੀ ਦਾ ਤਾਂ 8 ਦਸੰਬਰ ਨੂੰ ਹੀ ਪਤਾ ਲੱਗੇਗਾ।






















