ਕੋਟਕਪੂਰਾ ਗੋਲੀਕਾਂਡ ਮਾਮਲਾ ; ਸੁਖਬੀਰ ਬਾਦਲ ਦੀ SIT ਸਾਹਮਣੇ ਪੇਸ਼ੀ ਅੱਜ
ਚੰਡੀਗੜ੍ਹ, 12ਦਸੰਬਰ(ਵਿਸ਼ਵ ਵਾਰਤਾ)-2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਅੱਜ ਸਵੇਰੇ 11 ਵਜੇ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰਨੀ ਹੈ, ਪਰ ਜਾਂਚ ਟੀਮ ਇਸ ਗੱਲ ਨੂੰ ਲੈ ਕੇ ਵੀ ਦੁਚਿੱਤੀ ਵਿੱਚ ਹੈ ਕਿ ਸੁਖਬੀਰ ਬਾਦਲ ਜਾਂਚ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ 30 ਸਤੰਬਰ 2022 ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੇ ਸੰਮਨ ਨਾ ਮਿਲਣ ਦਾ ਦਾਅਵਾ ਕੀਤਾ ਸੀ, ਉਦੋਂ ਐਸਆਈਟੀ ਦੇ ਮੁਖੀ ਏਡੀਜੀਪੀ ਐਲਕੇ ਯਾਦਵ ਨੇ ਉਨ੍ਹਾਂ ਦੇ ਘਰ ਦੋ ਵਾਰ ਸੰਮਨ ਭੇਜੇ ਸਨ, ਪਰ ਹਰ ਵਾਰ ਪੁਲੀਸ ਅਧਿਕਾਰੀ ਨੂੰ ਬਾਦਲ ਦੇ ਵਿਦੇਸ਼ ਵਿੱਚ ਹੋਣ ਦੀ ਗੱਲ ਕਹੀ ਗਈ। ਇਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਕੋਰੀਅਰ ਰਾਹੀਂ ਸੰਮਨ ਭੇਜੇ ਗਏ। ਇੱਥੋਂ ਤੱਕ ਕਿ ਉਸ ਦੇ ਕਰੀਬੀ ਦੋਸਤ ਦੇ ਵਟਸਐਪ ‘ਤੇ ਵੀ ਸੰਮਨ ਭੇਜੇ ਗਏ ਸਨ। ਬਾਦਲ ਨੂੰ ਵੀ ਪੁੱਛਗਿੱਛ ਲਈ 14 ਸਤੰਬਰ ਨੂੰ ਤਲਬ ਕੀਤਾ ਗਿਆ ਹੈ।
ਗੌਰਤਲਬ ਹੈ ਕਿ ਇਸ ਦੇ ਨਾਲ ਹੀ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਨੇ 6 ਸਤੰਬਰ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਸੀ। ਉਨ੍ਹਾਂ ਨੂੰ ਇਹ ਸੰਮਨ ਬੇਅਦਬੀ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਗੋਲੀ ਚਲਾਉਣ ਦਾ ਹੁਕਮ ਦੇਣ ਦੇ ਸਬੰਧ ‘ਚ ਭੇਜਿਆ ਗਿਆ ਸੀ। ਇਸ ਘਟਨਾ ਦੇ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਹੋਣ ਸਮੇਤ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਸਿੱਟੇ ਵਜੋਂ ਕੋਟਕਪੂਰਾ ਗੋਲੀਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸਾਂ ਵਿੱਚ ਐਸਆਈਟੀ ਦੀ ਜਾਂਚ ਫਿਲਹਾਲ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕੀ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿੱਚ ਐਸਆਈਟੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ।























