
ਮਿਆਰ ਸਬੰਧੀ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵਲੋਂ ਪੁੱਡਾ ਭਵਨ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਐਸ ਏ ਐਸ ਨਗਰ, 4 ਮਈ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਪੂਰੀ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਚੰਗਾ ਪ੍ਰਸ਼ਾਸਨ ਅਤੇ ਮਿਆਰ ਸਬੰਧੀ ਕਿਸੇ ਵੀ ਕਿਸਮ ਦਾ ਸਮਝੌਤਾ ਨਾ ਕਰਦੇ ਹੋਏ ਪ੍ਰਾਜੈਕਟਾਂ ਨੂੰ ਵੇਲੇ ਸਿਰ ਪੂਰਾ ਕਰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇਕ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਇਥੇ ਪੁੱਡਾ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਛੇਤੀ ਆਟੋਮੇਟਿਡ ਇਲੈਕਟਰਾਨਿਕ ਸਿਸਟਮ ਸਥਾਪਤ ਕਰਨ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਵੇਲੇ ਸਿਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਮੌਕੇ ਸ. ਬਾਜਵਾ ਨੇ ਪੁੱਡਾ ਭਵਨ ਦੀ ਪਹਿਲੀ ਮੰਜ਼ਿਲ ‘ਤੇ ਵਿਸ਼ੇਸ਼ ਤੌਰ ‘ਤੇ ਲੋਕਾਂ ਦੀ ਸਹੂਲਤ ਲਈ ਬਣਵਾਏ ਆਪਣੇ ਦਫ਼ਤਰ ਦਾ ਦੌਰਾ ਵੀ ਕੀਤਾ। ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਪਹਿਲ ਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਸ਼ਹਿਰਾਂ/ਕਸਬਿਆਂ ਸਬੰਧੀ ਮਾਸਟਰ ਪਲੈਨਾਂ ਦੀ ਡਿਜੀਟਾਈਜ਼ੇਸ਼ਨ, ਆਈ.ਟੀ. ਸਬੰਧੀ ਉੱਦਮ, ਨਵੀਆਂ ਨੀਤੀਆਂ ਆਦਿ ਉਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਸ. ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਲੋਕਾਂ ਦੀ ਸਹੂਲਤ ਲਈ ਤਹਿਦਿਲੋਂ ਪੂਰੀ ਇਮਾਨਦਾਰੀ ਨਾਲ ਨਿੱਠ ਕੇ ਕੰਮ ਕਰਨ ਅਤੇ ਲੋਕਾਂ ਨੂੰ ਵੇਲੇ ਸਿਰ ਸੇਵਾਵਾਂ ਮੁਹੱਈਆਂ ਕਰਵਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ -ਵੱਖ ਵਿਕਾਸ ਅਥਾਰਟੀਆਂ ਜਿਵੇਂ ਕਿ ਗਮਾਡਾ, ਗਲਾਡਾ, ਏਡੀਏ, ਪੀਡੀਏ, ਜੇਡੀਏ ਅਤੇ ਬੀਡੀਏ ਵੱਲੋਂ ਚਲਾਏ ਜਾ ਰਹੇ ਸਾਰੇ ਪ੍ਰਾਜੈਕਟ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੰਮ ਦੇ ਮਿਆਰ ਦਾ ਪੂਰਾ ਖਿਆਲ ਰੱਖਿਆ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਕੰਮ ਦੇ ਮਿਆਰ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਵਿਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਟਾਊਨ ਐਂਡ ਕੰਟਰੀ ਪਲੈਨਿੰਗ ਦੇ ਡਾਇਰੈਕਟਰ ਕਮ ਪੁੱਡਾ/ਗਮਾਡਾ ਦੇ ਮੁੱਖ ਪ੍ਰਸ਼ਾਸਕ ਕਮਲ ਕਿਸ਼ੋਰ ਯਾਦਵ, ਵਧੀਕ ਮੁੱਖ ਪ੍ਰਸ਼ਾਸਕ (ਐਫ ਐਂਡ ਏ) ਆਕਾਸ਼ ਗੋਇਲ, ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਭੁਪਿੰਦਰ ਸਿੰਘ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਰਾਜੇਸ਼ ਧੀਮਾਨ, ਪੁੱਡਾ ਦੇ ਇੰਜੀਨੀਅਰ ਇੰਨ ਚੀਫ ਰਾਜੀਵ ਮੌਦਗਿੱਲ, ਚੀਫ ਇੰਜੀਨੀਅਰ ਗਮਾਡਾ ਸੁਨੀਲ ਕਾਂਸਲ, ਪੁੱਡਾ ਦੇ ਐਸ. ਈ. ( ਐਚ.ਕਿਊ.) ਸੁਸ਼ੀਲ ਗੁਪਤਾ, ਅਸਟੇਟ ਅਫਸਰ ਮਹੇਸ਼ ਬਾਂਸਲ ਸਮੇਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।





















