ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਕੋਰੋਨਾ ਦੇ ਮੱਦੇਨਜ਼ਰ ਚੀਨ ਤੋਂ ਉਡਾਣਾਂ ‘ਤੇ ਪਾਬੰਦੀ ਦੀ ਮੰਗ
ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ‘ਰੂਲਜ਼ ਆਫ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ’ ਦੇ ਨਿਯਮ 267 ਦੇ ਤਹਿਤ ਸਦਨ ਦੀ ਮੁਅੱਤਲੀ ਦਾ ਨੋਟਿਸ ਦਿੱਤਾ ਅਤੇ ਚੀਨ ਵਿੱਚ ਲਗਾਤਾਰ ਵੱਧ ਰਹੇ ਕੋਰੋਨਾਵਾਇਰਸ ਦੇ ਮਾਮਲਿਆਂ ਅਤੇ ਭਾਰਤ ਉੱਤੇ ਇਸ ਦੇ ਪ੍ਰਭਾਵ ਬਾਰੇ ਚਰਚਾ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਏਸ਼ੀਆਈ ਦੇਸ਼ਾਂ ਰਾਹੀਂ ਚੀਨ ਤੋਂ ਭਾਰਤ ਤੱਕ ਦੀਆਂ ਉਡਾਣਾਂ ‘ਤੇ ਵੀ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਅਤੇ ਪ੍ਰਭਾਵਿਤ ਦੇਸ਼ਾਂ ਦੇ ਅੰਤਰਰਾਸ਼ਟਰੀ ਯਾਤਰੀਆਂ ਲਈ ਇੱਕ ਨਿਸ਼ਚਿਤ ਸਮੇਂ ਲਈ ਲਾਜ਼ਮੀ ਕੁਆਰੰਟੀਨ ‘ਤੇ ਵੀ ਵਿਚਾਰ ਕਰਨ ਲਈ ਕਿਹਾ। ਆਪਣੇ ਲਿਖਤੀ ਨੋਟਿਸ ਵਿੱਚ ਉਨ੍ਹਾਂ ਕਿਹਾ ਕਿ ਚੀਨ ਵਿੱਚ ਕੋਰੋਨਾ ਵਾਇਰਸ ਕੇਸਾਂ ਵਿੱਚ ਓਮਾਈਕਰੋਨ ਦੇ ਇੱਕ ਘਾਤਕ ਵੇਰੀਏਂਟ ਵਿੱਚ ਚਿੰਤਾਜਨਕ ਵਾਧਾ ਦੇਖਿਆ ਜਾ ਰਿਹਾ ਹੈ ਜੋ ਕਿ 10 ਲੱਖ ਤੋਂ ਵੱਧ ਲੋਕਾਂ ਦੀ ਮੌਤ ਦਾ ਕਾਰਨ ਬਣ ਸਕਦਾ ਹੈ। ਮਹਾਂਮਾਰੀ ਵਿਗਿਆਨੀ ਆਉਣ ਵਾਲੇ ਮਹੀਨਿਆਂ ਦੌਰਾਨ ਦੇਸ਼ ਵਿੱਚ ਇਸ ਵਾਇਰਸ ਦੀਆਂ ਘੱਟੋ-ਘੱਟ ਤਿੰਨ ਲਹਿਰਾਂ ਦੀ ਭਵਿੱਖਬਾਣੀ ਕਰ ਰਹੇ ਹਨ।
ਦੂਜੀ ਲਹਿਰ ਦੌਰਾਨ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਕੁਪ੍ਰਬੰਧਨ ਕਰਨ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਘੇਰਦੇ ਹੋਏ, ਉਨ੍ਹਾਂ ਕਿਹਾ ਕਿ ਸਰਕਾਰ ਨੇ 2020 ਦੇ ਸ਼ੁਰੂ ਅਤੇ ਅੰਤ ਵਿੱਚ ਮਹਾਂਮਾਰੀ ਦੇ ਸ਼ੁਰੂਆਤੀ ਸੰਕੇਤਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ ਅਤੇ ਅੰਤਰਰਾਸ਼ਟਰੀ ਹਵਾਈ ਸੰਪਰਕ ਦੇ ਪ੍ਰਬੰਧਨ ਮਾਮਲੇ ਵਿੱਚ ਦੇਰੀ ਕੀਤੀ ਸੀ ਜਿਸ ਨਾਲ ਵਾਇਰਸ ਤੇਜ਼ੀ ਨਾਲ ਦੇਸ਼ ਭਰ ਵਿੱਚ ਫੈਲ ਗਿਆ ਸੀ।























