ਰਾਘਵ ਚੱਢਾ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਨੂੰ ‘ਹੈਰੀਟੇਜ ਸਿਟੀ’ ਦਾ ਦਰਜਾ ਦੇਣ ਦੀ ਮੰਗ
ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਅੱਜ ਸਦਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ ਅਤੇ ਸ਼ਹਿਰ ਨੂੰ ‘ਹੈਰੀਟੇਜ ਸਿਟੀ (ਵਿਰਾਸਤੀ ਸ਼ਹਿਰ) ਦਾ ਦਰਜਾ ਦੇਣ ਦੀ ਮੰਗ ਕੀਤੀ। ਵੀਰਵਾਰ ਨੂੰ ਪ੍ਰਸ਼ਨਕਾਲ ਦੌਰਾਨ ਆਪ ਸਾਂਸਦ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਸਵਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਹੈ। ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖਾਲਸਾ ਪੰਥ ਦੀ ਸਾਜਨਾ ਕੀਤੀ। ਇੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਆਉਂਦੇ ਹਨ। ਇੱਥੇ ਹੋਲਾ ਮਹੱਲਾ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਜੁੜਦੀਆਂ ਹਨ। ਚੱਢਾ ਨੇ ਕੇਂਦਰੀ ਮੰਤਰੀ ਨੂੰ ਸਵਾਲ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਹੈਰੀਟੇਜ ਸਿਟੀ ਦਾ ਦਰਜਾ ਦੇ ਕੇ, ਖਾਸ ਫੰਡ ਦੇ ਕੇ ਇਸ ਸ਼ਹਿਰ ਦਾ ਵਿਕਾਸ ਕਰਕੇ ਇਸ ਨੂੰ ਇੱਕ ਵਿਸ਼ਵ ਪ੍ਰਸਿੱਧ ਹੈਰੀਟੇਜ ਸਿਟੀ ਬਣਾਉਣ ਲਈ ਕੀ ਕੋਈ ਕਦਮ ਉਠਾਇਆ ਜਾ ਰਿਹਾ ਹੈ ? ਇਸ ਦੌਰਾਨ ਜੀ.ਕਿਸ਼ਨ ਰੇਡੀ ਜੋ ਮੌਜੂਦਾ ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਹਨ, ਤੋਂ ਰਾਘਵ ਚੱਢਾ ਨੂੰ ਸਕਾਰਾਤਮਕ ਜਵਾਬ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਇਸ ਪ੍ਰਸਤਾਵ ‘ਤੇ ਧਿਆਨ ਦੇਣ ਦਾ ਭਰੋਸਾ ਦਿੱਤਾ।























