ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 23ਦਸੰਬਰ(ਵਿਸ਼ਵ ਵਾਰਤਾ)-ਰਿਸ਼ਵਤ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਦੱਸ ਦੱਈਏ ਕਿ ਬੀਤੇ ਦਿਨ 22 ਦਸੰਬਰ ਨੂੰ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਅੱਜ ਲਈ ਮੁਲਤਵੀ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੇ ਜਾਣ ਤੋਂ ਬਾਅਦ ਵੀ ਦੋਸ਼ੀ ਅਰੋੜਾ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਹੁਣ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਸੁਣਵਾਈ ਹੋਵੇਗੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਦੀ ਮੋਹਾਲੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਅਰੋੜਾ ਦੀ ਪਟੀਸ਼ਨ ਅਦਾਲਤ ਵੱਲੋਂ ਖਾਰਜ ਹੋਣ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਫਿਰ 11 ਨਵੰਬਰ ਨੂੰ ਦੋਸ਼ੀ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।
ਗੌਰਤਲਬ ਹੈ ਕਿ ਸੁੰਦਰ ਸ਼ਾਮ ਅਰੋੜਾ ਨੇ ਇੱਕ ਕੇਸ ਵਿੱਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ ਸੀ।























