SYL ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਕਰਨਗੇ ਵਿਚਾਰ-ਚਰਚਾ
ਕੇਂਦਰੀ ਜਲ ਸ਼ਕਤੀ ਮੰਤਰੀ ਨੇ ਸੱਦੀ ਮੀਟਿੰਗ
ਚੰਡੀਗੜ੍ਹ, 3ਜਨਵਰੀ(ਵਿਸ਼ਵ ਵਾਰਤਾ)- ਸਤਲੁਜ-ਯਮੁਨਾ ਲਿੰਕ ਨਹਿਰ (ਐੱਸ.ਵਾਈ.ਐੱਲ.) ਦੇ ਮੁੱਦੇ ‘ਤੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਬੈਠਕ ਹੋਵੇਗੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ 4 ਜਨਵਰੀ ਨੂੰ ਦਿੱਲੀ ਵਿੱਚ ਮੀਟਿੰਗ ਲਈ ਸੱਦਿਆ ਹੈ। ਇਹ ਮੀਟਿੰਗ ਕੇਂਦਰ ਦੇ ਦਖਲ ਤੋਂ ਬਾਅਦ ਬੁਲਾਈ ਗਈ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ SYL ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐਸਵਾਈਐਲ ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ। ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜੇਕਰ ਹਰਿਆਣਾ ‘ਚ ਪਾਣੀ ਦੀ ਕਮੀ ਹੈ ਤਾਂ ਤੁਸੀਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਕੇ ਯਮੁਨਾ ਅਤੇ ਗੰਗਾ ਦੇ ਪਾਣੀ ਦੀ ਵਿਵਸਥਾ ਕਰਨ ਦੀ ਬੇਨਤੀ ਕਰ ਸਕਦੇ ਹੋ। ਨਵੰਬਰ ਮਹੀਨੇ ਵਿੱਚ ਦੋ ਘੰਟੇ ਚੱਲੀ ਮੈਰਾਥਨ ਮੀਟਿੰਗ ਵਿੱਚ ਜਦੋਂ ਕੋਈ ਨਤੀਜਾ ਨਾ ਨਿਕਲਿਆ ਤਾਂ ਮਾਨ ਨੇ ਇਹ ਕਹਿ ਕੇ ਗੱਲ ਖ਼ਤਮ ਕਰ ਦਿੱਤੀ ਕਿ ਪ੍ਰਧਾਨ ਮੰਤਰੀ ਹੀ ਮੀਟਿੰਗ ਕਰਕੇ ਇਸ ਮਸਲੇ ਦਾ ਹੱਲ ਕੱਢ ਸਕਦੇ ਹਨ।























