ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਫਸੇ ‘ਆਪ’ ਵਿਧਾਇਕ ਅਮਿਤ ਰਤਨ ਨੂੰ ਭੇਜਿਆ 5 ਦਿਨਾਂ ਲਈ ਰਿਮਾਂਡ ਉਤੇ
ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ)- ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣੇ ਕਰ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਨੇ ਜਾਂਚ ਤੋਂ ਬਾਅਦ ਬੀਤੀ ਦੇਰ ਰਾਤ ਗਿ੍ਫ਼ਤਾਰ ਕਰ ਲਿਆ ਗਿਆ ਅਤੇ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਵਿਜੀਲੈਂਸ ਵੱਲੋਂ ਇਕ ਹਫਤੇ ਦੇ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਨੇ ਉਸਨੂੰ 5 ਦਿਨਾਂ ਲਈ 27 ਫਰਵਰੀ ਤੱਕ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਹੈ।
ਗ੍ਰਿਫਤਾਰੀ ਮਗਰੋਂ ਟੀਮ ਉਸ ਨੂੰ ਬਠਿੰਡਾ ਲੈ ਕੇ ਪੁੱਜੀ ਜਿੱਥੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪੀਏ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਕਾਬੂ ਕੀਤਾ ਸੀ। ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੇ ਪੀਏ ਰੇਮਸ਼ ਗਰਗ ਨੂੰ ਵਿਜੀਲੈਂਸ ਨੇ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਸੀ।ਪਿੰਡ ਘੁੱਦਾ ਦੀ ਸਰਪੰਚ ਨੇ ਦੋਸ਼ ਲਗਾਇਆ ਸੀ ਕਿ ਗ੍ਰਾਂਟ ਦੇ ਰੁਕੇ ਪੈਸੇ ਜਾਰੀ ਕਰਾਉਣ ਲਈ ਉਸ ਤੋਂ 4 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਉਸਨੇ ਵਿਜੀਲੈਂਸ ਤੱਕ ਪਹੁੰਚ ਕੀਤੀ ਸੀ। ਵਿਜੀਲੈਂਸ ਵੱਲੋਂ ਜਾਲ ਵਿਛਾ ਕੇ ਉਸ ਨੂੰ ਕਾਬੂ ਕੀਤਾ ਗਿਆ ਸੀ।
ਇਸ ਸਬੰਧੀ ਘੁੱਦਾ ਦੀ ਮਹਿਲਾ ਸਰਪੰਚ ਦੇ ਪਤੀ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਪੈਸੇ ਦੇਣ ਲਈ ਮਜ਼ਬੂਰ ਕੀਤਾ ਜਾ ਰਿਹਾ ਸੀ। ਇਸ ਸਬੰਧੀ ਉਨ੍ਹਾਂ ਵਿਜੀਲੈਂਸ ਡੀਜੀਪੀ ਨਾਲ ਮੁਲਾਕਾਤ ਕੀਤੀ ਸੀ, ਇਸ ਤੋਂ ਬਾਅਦ ਉਨ੍ਹਾਂ ਬਠਿੰਡਾ ਵਿਖੇ ਸੰਪਰਕ ਕਰਨ ਲਈ ਕਿਹਾ।ਉਸ ਸਮੇਂ ਵਿਧਾਇਕ ਅਮਿਤ ਰਤਨ ਨੇ ਕਿਹਾ ਸੀ ਕਿ ਉਹ ਮੇਰਾ ਪੀਏ ਨਹੀਂ ਹੈ।























