ਜਰਮਨੀ ਦੀ ਚਰਚ ਵਿੱਚ ਗੋਲੀਬਾਰੀ; 7 ਦੀ ਮੌਤ, ਕਈ ਜ਼ਖਮੀ
ਚੰਡੀਗੜ੍ਹ, 10ਮਾਰਚ(ਵਿਸ਼ਵ ਵਾਰਤਾ)- ਜਰਮਨੀ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਹੈਮਬਰਗ ਵਿੱਚ ਵੀਰਵਾਰ ਦੇਰ ਰਾਤ ਇੱਕ ਚਰਚ ਵਿੱਚ ਗੋਲੀਬਾਰੀ ਹੋਈ। ਇਸ ਘਟਨਾ ‘ਚ 7 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਹੈ। ਕਈ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਪੁਲਿਸ ਮੁਤਾਬਕ ਹਮਲਾਵਰ ਕਰੀਬ 10 ਮਿੰਟ ਤੱਕ ਗੋਲੀਬਾਰੀ ਕਰਦਾ ਰਿਹਾ। ਪੁਲਿਸ ਦਾ ਮੰਨਣਾ ਹੈ ਕਿ ਹਮਲਾਵਰ ਵੀ ਮਾਰਿਆ ਗਿਆ ਹੈ। ਇੱਕ ਅਧਿਕਾਰੀ ਨੇ ਕਿਹਾ- ਸਾਨੂੰ ਕਿਸੇ ਦੇ ਫਰਾਰ ਹੋਣ ਦੀ ਖ਼ਬਰ ਨਹੀਂ ਮਿਲੀ ਹੈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਅਸੀਂ 15 ਮਿੰਟ ਦੇ ਅੰਦਰ ਮੌਕੇ ‘ਤੇ ਪਹੁੰਚ ਗਏ। ਅਸੀਂ ਚਰਚ ਦੀ ਉਪਰਲੀ ਮੰਜ਼ਿਲ ‘ਤੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਉੱਥੇ ਪਹੁੰਚਣ ‘ਤੇ ਇਕ ਲਾਸ਼ ਮਿਲੀ। ਸਾਨੂੰ ਲੱਗਦਾ ਹੈ ਕਿ ਇਹ ਹਮਲਾਵਰ ਹੀ ਹੈ। ਫਿਲਹਾਲ ਇਸ ਦੀ ਪਛਾਣ ਨਹੀਂ ਹੋ ਸਕੀ ਹੈ।ਹਮਲਾਵਰ ਬਾਰੇ ਅਜੇ ਤੱਕ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ ਹੈ। ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਉਸ ਨੇ ਇਸ ਘਟਨਾ ਨੂੰ ਕਿਉਂ ਅੰਜਾਮ ਦਿੱਤਾ। ਹੈਮਬਰਗ ਪੁਲਿਸ ਨੇ ਟਵੀਟ ਕੀਤਾ- ਇਸ ਗੋਲੀਬਾਰੀ ਵਿੱਚ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਅਸੀਂ ਵੱਡੀ ਗਿਣਤੀ ਵਿਚ ਸੁਰੱਖਿਆ ਬਲਾਂ ਦੇ ਨਾਲ ਸਾਈਟ ‘ਤੇ ਮੌਜੂਦ ਹਾਂ। ਪੁਲਿਸ ਨੇ ਦੱਸਿਆ ਕਿ ਸੀਸੀਟੀਵੀ ਸਕੈਨ ਕੀਤੇ ਜਾ ਰਹੇ ਹਨ। ਚਰਚ ਦੇ ਆਲੇ-ਦੁਆਲੇ ਦੀਆਂ ਸੜਕਾਂ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਹੈ।























