– ਪੰਜਾਬ ਸਰਕਾਰ ਦੁਆਰਾ ਨਿੱਤ ਨਵੇਂ ਟੈਕਸ ਲਗਾ ਕੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਦੇ ਵਿਰੁੱਧ ਉਠਾਈ ਆਵਾਜ਼
ਸ਼ਾਹਕੋਟ, 23 ਮਈ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ਼ਾਹਕੋਟ ਤੋਂ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ ਬੁੱਧਵਾਰ ਨੂੰ ਡੀਜ਼ਲ-ਪੈਟਰੋਲ ਦੀਆਂ ਹਰ ਰੋਜ਼ ਲਗਾਤਾਰ ਵੱਧ ਰਹੀਆਂ ਕੀਮਤਾਂ ਦਾ ਸਖ਼ਤ ਵਿਰੋਧ ਕਰਦੇ ਹੋਏ ਨਰਿੰਦਰ ਮੋਦੀ ਸਰਕਾਰ ਅਤੇ ਨਵੇਂ ਟੈਕਸ ਲਗਾ ਕੇ ਲੋਕਾਂ ਦੀਆਂ ਜੇਬਾਂ ਤੇ ਡਾਕਾ ਮਾਰਨ ਲਈ ਕੈਪਟਨ ਅਮਰਿੰਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਇਨ੍ਹਾਂ ਨੂੰ ਲੋਕ ਵਿਰੋਧੀ ਸਰਕਾਰਾਂ ਕਰਾਰ ਦਿੱਤਾ ਹੈ।
ਸ਼ਾਹਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਪ੍ਰਚਾਰ ਦੌਰਾਨ ਰਤਨ ਸਿੰਘ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਹਿੱਸੇਦਾਰੀ ਵਾਲੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪਿਛਲੀ ਸਰਕਾਰ ਦੌਰਾਨ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਰੌਲਾ ਪਾਉਂਦੀ ਸੀ ਪ੍ਰੰਤੂ ਖ਼ੁਦ ਸੱਤਾ ਵਿੱਚ ਆਉਣ ਤੋਂ ਪਿੱਛੋਂ ਖੁਦ ਲੋਕ ਵਿਰੋਧੀ ਫ਼ੈਸਲੇ ਲੈਣ ਤੇ ਉੱਤਰ ਆਈ ਹੈ ।
‘ਆਪ’ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਨਤਾ ਦੇ ਹਿਤਾਂ ਨੂੰ ਦਾਅ ‘ਤੇ ਲਾਉਂਦੇ ਹੋਏ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਦੀ ਖੁੱਲ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਮੁੱਚੇ ਵਿਸ਼ਵ ਵਿੱਚ ਕੱਚੇ ਤੇਲ ਦੀਆ ਕੀਮਤਾਂ ਵਿੱਚ ਭਾਰੀ ਕਟੌਤੀ ਹੋਈ ਹੈ ਪਰੰਤੂ ਮੋਦੀ ਸਰਕਾਰ ਵੱਡੇ ਘਰਾਣਿਆਂ ਨੂੰ ਮੁਨਾਫ਼ਾ ਦੇਣ ਲਈ ਤੇਲ ਦੀਆਂ ਕੀਮਤਾਂ ਨਹੀਂ ਘਟਾ ਰਹੀ ਅਤੇ ਇਹ ਪੈਸਾ ਕੰਪਨੀਆਂ ਰਾਹੀਂ ਭਾਜਪਾ ਦੀ ਜੇਬ ਵਿਚ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਰਤਨ ਸਿੰਘ ਨੇ ਕਿਹਾ ਕਿ ਇਸ ਸਰਕਾਰ ਦਾ ਲੋਕ ਮੁੱਦਿਆਂ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਉਨ੍ਹਾਂ ਦੇ ਹਾਲ ਤੇ ਛੱਡ ਕੇ ਖੁਦ ਛੁੱਟੀਆਂ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਗਊ ਸੈੱਸ ਅਤੇ ਪ੍ਰੋਫੈਸ਼ਨਲ ਟੈਕਸ ਦੇ ਨਾਂਅ ਤੇ ਲੋਕਾਂ ਤੋਂ ਪੈਸਾ ਵਸੂਲ ਰਹੀ ਹੈ ਪਰੰਤੂ ਇਸ ਦੇ ਬਦਲੇ ਕੋਈ ਸੁਵਿਧਾ ਪ੍ਰਦਾਨ ਨਹੀਂ ਕੀਤੀ ਜਾ ਰਹੀ।
‘ਆਪ’ ਆਗੂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੋਂ ਵੀ ਮੰਗ ਕੀਤੀ ਕਿ ਝੋਨੇ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਡੀਜ਼ਲ ‘ਤੇ ਸੂਬੇ ਦੇ ਹਿੱਸੇ ਦਾ ਵੈਟ/ਟੈਕਸ ਛੱਡ ਕੇ ਕਿਸਾਨਾਂ ਤੇ ਆਮ ਆਦਮੀ ਦੇ ਹਿਤਾਂ ਦੀ ਰਾਖੀ ਕਰੇ।