
ਚੰਡੀਗੜ, 29 ਮਈ (ਵਿਸ਼ਵ ਵਾਰਤਾ)- ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ, ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 2 ਜੂਨ ਤੋਂ 9 ਜੂਨ, 2018 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।
ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ‘ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨਾਂ ਅੱਗੇ ਦੱਸਿਆ ਕਿ ਮੇਨ ਬਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਲਾਹੌਰ ਬ੍ਰਾਂਚ, ਸਭਰਾਓ ਬ੍ਰਾਂਚ, ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।























