ਪੰਜਾਬ ਯੂਨੀਵਰਸਿਟੀ ਮਸਲੇ ਦਾ ਨਹੀਂ ਨਿਕਲਿਆ ਕੋਈ ਹੱਲ
ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਰਾਜਪਾਲ ਨਾਲ ਮੀਟਿੰਗ ਰਹੀ ਬੇਸਿੱਟਾ
ਮੁੱਖ ਮੰਤਰੀ ਮਾਨ ਨੇ ਪਿਛਲੀਆਂ ਸਰਕਾਰਾਂ ਨੂੰ ਫਿਰ ਲਿਆ ਨਿਸ਼ਾਨੇ ਤੇ
ਚੰਡੀਗੜ੍ਹ,5ਜੂਨ(ਵਿਸ਼ਵ ਵਾਰਤਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਅੱਜ ਚੰਡੀਗੜ੍ਹ ਸਕੱਤਰੇਤ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਯੂਨੀਵਰਸਿਟੀ ਨੂੰ ਲੈ ਕੋਈ ਹੱਲ ਨਹੀਂ ਨਿਕਲਿਆ, ਯਾਨਿ ਕਿ ਅੱਜ ਹੋਈ ਮੀਟਿੰਗ ਬੇਸਿੱਟਾ ਹੀ ਰਹੀ। ਮਿਲੀ ਜਾਣਕਾਰੀ ਅਨੁਸਾਰ ਅਗਲੀ ਮੀਟਿੰਗ 3 ਜੁਲਾਈ ਨੂੰ ਮੁੜ ਹੋਵੇਗੀ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਮੀਤ ਹੇਅਰ ਉਨ੍ਹਾਂ ਦੇ ਨਾਲ ਮੌਜੂਦ ਹਨ। ਇਸ ਦੌਰਾਨ ਉਨ੍ਹਾਂ ਵਿਰੋਧੀਆਂ ਨੂੰ ਚੰਗੇ ਰਗੜੇ ਲਾਏ। ਮੁੱਖ ਮੰਤਰੀ ਮਾਨ ਨੇ ਹਰਿਆਣਾ ਦੀ ਮੰਗ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨਾਲ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹਨ ਤੇ ਹਰਿਆਣਾ ਇਸ ਵਿਚ ਹਿੱਸੇਦਾਰੀ ਮੰਗ ਰਿਹਾ ਹੈ, ਉਨ੍ਹਾਂ ਕਿਹਾ ਕਿ ਬੇਸ਼ੱਕ ਹਰਿਆਣਾ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕੁਝ ਕਾਲਜਾਂ ਦੀ ਐਫੀਲਿਏਸ਼ਨ ਮੰਗ ਰਿਹਾ ਹੈ ਪਰ ਉਹ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇ ਹੱਕ ਵਿਚ ਨਹੀਂ ਹਨ।
PU ਸਣੇ ਕਈਂ ਅਹਿਮ ਮਸਲਿਆਂ 'ਤੇ ਪੰਜਾਬ ਭਵਨ ਚੰਡੀਗੜ੍ਹ ਤੋਂ ਪ੍ਰੈੱਸ ਕਾਨਫਰੰਸ Live… https://t.co/Hso2DJrwfk
— Bhagwant Mann (@BhagwantMann) June 5, 2023
ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਚਰਚਾ ਚੱਲ ਰਹੀ ਹੈ ਪਰ ਅਜਿਹਾ ਬਿਲਕੁਲ ਨਹੀਂ ਹੋਵੇਗਾ। ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੈ ਤੇ ਪੰਜਾਬ ਦੀ ਹੀ ਰਹੇਗੀ। ਉਨ੍ਹਾਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਸਾਲ 2008 ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਕ ਚਿੱਠੀ ਲਿਖੀ ਸੀ ਕਿ ਜੇਕਰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇ ਦਿੱਤਾ ਜਾਵੇ ਤਾਂ ਪੰਜਾਬ ਲਈ ਇਹ ਫਾਇਦੇਮੰਦ ਹੋਵੇਗਾ। ਇਸ ਦੌਰਾਨ ਸੀਐੱਮ ਮਾਨ ਨੇ ਚਿੱਠੀ ਦੀ ਕਾਪੀ ਵੀ ਦਿਖਾਈ।