ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਸਪਰਾ ਮਿਸ਼ਨ ਤੰਦਰੁਸਤ ਪੰਜਾਬ ਸਬੰਧੀ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
– ਸਮੂਹ ਕਾਰਜ ਸਾਧਕ ਅਫਸਰਾਂ ਨੂੰ ਸਫਾਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੀ ਰੋਕਥਾਮ ਲਈ ਮੁਹਿੰਮ ਸ਼ੁਰੂ ਕਰਨ ਦੇ ਆਦੇਸ਼
– ਪਲਾਸਟਿਕ ਦੇ ਲਿਫਾਫਿਆਂ ਅਤੇ ਕੂੜਾ ਕਰਕਟ ਤੋਂ ਮੁਕਤ ਹੋਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ
– ਕਰੱਸਰਾਂ ਦੇ ਆਲੇ ਦੁਆਲੇ ਕਰੱਸਰ ਮਾਲਕਾਂ ਨੂੰ ਵਾਤਾਵਰਣ ਦੀ ਸਵੱਛਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਆਦੇਸ਼
– ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਨੂੰ ਆਪਣੇ ਪੱਧਰ ਤੇ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀਆਂ ਹਦਾਇਤਾਂ
ਐਸ.ਏ.ਐਸ.ਨਗਰ, 15 ਜੂਨ (ਵਿਸ਼ਵ ਵਾਰਤਾ)- ਮਿਸ਼ਨ ਤੰਦਰੁਸਤ ਪੰਜਾਬ ਨੂੰ ਜ਼ਿਲ੍ਹੇ ਵਿਚ ਲਾਗੂ ਕਰਨ ਲਈ ਅਧਿਕਾਰੀ ਪੂਰੀ ਸਮਰਪਿਤ ਭਾਵਨਾਂ ਨਾਲ ਕੰਮ ਕਰਨ ਅਤੇ ਪਹਿਲੇ ਪੜਾਅ ਦੌਰਾਨ 05 ਸਤੰਬਰ ਤੱਕ ਦਾ ਐਕਸਨ ਪਲਾਨ ਬਣਾ ਕੇ ਤੁਰੰਤ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਦਿੱਤਾ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ, ਪ੍ਰਦੂਸ਼ਣ ਕੰਟਰੋਲ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਥਾਨਕ ਸਰਕਾਰਾਂ, ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਬਾਗਬਾਨੀ, ਜੰਗਲਾਤ, ਖੇਡ ਵਿਭਾਗ, ਸਹਿਕਾਰਤਾ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੌਰਾਨ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫਸਰਾਂ ਦੀ ਮੀਟਿੰਗ ਵਿਚ ਗੈਰ ਹਾਜਰੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਿਭਾਗੀ ਕਾਰਵਾਈ ਲਈ ਲਿਖਿਆ ਜਾਵੇਗਾ। ਸ੍ਰੀਮਤੀ ਸਪਰਾ ਨੇ ਕਿਹਾ ਅਧਿਕਾਰੀਆਂ ਵੱਲੋਂ ਕਿਸੇ ਕਿਸਮ ਦੀ ਕੁਤਾਹੀ ਬਰਦਾਸਤ ਨਹੀ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਕਰੱਸਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਵਾਤਾਵਰਣ ਦੀ ਸਵੱਛਤਾ ਲਈ ਆਪਣੇ ਪੱਧਰ ਤੇ ਕਰੱਸਰਾਂ ਦੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਹੋਰ ਕਿਹਾ ਕਿ ਕਿਸਾਨਾਂ ਦੇ ਟਿਊਬਵੈਲਾਂ ਤੇ ਦੋ-ਦੋ ਬੂਟੇ ਲਗਾਉਣ ਲਈ ਜੰਗਲਾਤ ਵਿਭਾਗ ਵੱਲੋਂ ਦਿੱਤੇ ਜਾਣਗੇ ਅਤੇ ਜ਼ਿਲ੍ਹੇ ਵਿਚ ਇਸ ਵਾਰ ਸਫੈਦਾ ਜੋ ਕਿ ਧਰਤੀ ਵਿਚੋਂ ਵੱਧ ਪਾਣੀ ਸੋਖਦਾ ਹੈ, ਨੂੰ ਛੱਡ ਕੇ ਹੋਰਨਾ ਕਿਸਮਾਂ ਦੇ ਬੂਟੇ ਲਗਾਏ ਜਾਣ। ਉਨ੍ਹਾਂ ਹੋਰ ਦੱਸਿਆ ਕਿ ਜਿਹੜੀਆਂ ਪੰਚਾਇਤਾਂ ਆਪਣੇ ਪਿੰਡਾਂ ਨੂੰ ਪਲਾਸਟਿਕ ਅਤੇ ਕੂੜਾ ਕਰਕਟ ਤੋਂ ਮੁਕਤ ਕਰਨਗੀਆਂ ਉਨਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਸਕੂਲ ਇਸ ਕਾਰਜ਼ ਵਿਚ ਚੰਗੀ ਕਾਰਗੁਜਾਰੀ ਦਿਖਾਉਣਗੇ, ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਆਪੋ-ਆਪਣੇ ਖੇਤਰਾਂ ਵਿਚ ਸਫਾਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੀ ਪੂਰੀ ਤਰ੍ਹਾਂ ਰੋਕਥਾਮ ਲਈ, ਮੁਹਿੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਜ਼ਿਲ੍ਹੇ ਵਿਚ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਅਤੇ ਹੋਰ ਖੁਰਾਕੀ ਪਦਾਰਥਾਂ ਦੀ ਅਚਨਚੇਤੀ ਚੈਕਿੰਗ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਖੋਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਖੇਤੀਬਾੜ੍ਹੀ ਵਿਭਾਗ ਦੇ ਅਧਿਕਾਰੀਆਂ ਨੂੰ ਖਾਦਾਂ, ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨ ਉਪਰੰਤ ਆਪਣੀ ਰਿਪੋਰਟ ਭੇਜਣ ਲਈ ਆਖਿਆ। ਉਨ੍ਹਾਂ ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਵਿਰੁੱਧ ਪੰਚਾਇਤਾਂ ਤੋਂ ਮਤੇ ਪੁਆਊਣ ਅਤੇ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਐਕਸੀਅਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਪੀਲੇ ਰੰਗ ਦਾ ਡਸਟਬੀਨ ਲਗਾਉਣ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਦੇ 100 ਸਕੂਲਾਂ ਵਿਚ ਰੇਨ ਹਾਰਵੈਸਟਿੰਗ ਸਿਸਟਮ ਲਗਾਉਣ ਲਈ ਇੱਕ ਯੋਜਨਾ ਤਿਆਰ ਕਰਨ ਲਈ ਆਖਿਆ ਤਾਂ ਜੋ ਇਸ ਤੇ ਕੰਮ ਸ਼ੁਰੂ ਹੋ ਸਕੇ। ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਬੂਟੇ ਲਗਾਉਣ ਦੀ ਮੁਹਿੰਮ ਵਿਚ ਲੋਕਾਂ ਦੀ ਸਮੂਲੀਅਤਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।
ਸ੍ਰੀਮਤੀ ਸਪਰਾ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਹੇਠਲੇ ਪੱਧਰ ਤੱਕ ਦੇ ਬੱਚਿਆਂ ਦੇ ਖੇਡ ਮੁਕਾਬਲੇ ਕਰਾਉਣ ਲਈ ਆਖਿਆ ਤਾਂ ਜੋ ਬੱਚਿਆਂ ਵਿਚ ਮੁੱਢ ਤੋਂ ਹੀ ਖੇਡਾ ਪ੍ਰਤੀ ਰੂਚੀ ਪੈਦਾ ਹੋ ਸਕੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਦੀਆਂ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਦੇ ਨਾਲ ਨਾਲ ਆਪਣੇ ਪੱਧਰ ਤੇ ਐਸ.ਟੀ.ਪੀ. ਲਗਾਉਣ ਲਈ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹੁਣ ਤੋਂ ਹੀ ਝੋਨੇ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਇੱਕ ਵੱਖਰੇ ਤੌਰ ਤੇ ਯੋਜਨਾ ਬਣਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਜਿਲ੍ਹਾ ਜੰਗਲਾਤ ਅਫਸਰ ਗੁਰਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਆਰ.ਐਸ.ਕੰਗ, ਸਹਾਇਕ ਕਮਿਸ਼ਨਰ ਨਗਰ ਨਿਗਮ ਸਰਬਜੀਤ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਇੰਦਰਜੀਤ ਸਿੰਘ,ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਐਕਸੀਅਨ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਲਵਲੀਨ ਦੂਬੇ, ਐਕਸੀਅਨ ਜਲ ਸਲਪਾਈ ਤੇ ਸੈਨੀਟੇਸ਼ਨ ਨਵਲ ਕਿਸੋਰ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਫੋਟੋ ਕੈਪਸ਼ਨ : ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਸਪਰਾ ਮਿਸ਼ਨ ਤੰਦਰੁਸਤ ਪੰਜਾਬ ਸਬੰਧੀ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।