
• ਕੇਂਦਰ ਨੇ ਆਪਣਾ ਹਿੱਸਾ ਜਾਰੀ ਕਰਨ ਦੇ ਫੈਸਲੇ ਬਾਰੇ ਵੀ ਪੰਜਾਬ ਸਰਕਾਰ ਨੂੰ ਸੂਚਨਾ ਭੇਜੀ
ਚੰਡੀਗੜ, 27 ਜੂਨ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋਧਪੁਰ ਦੇ ਨਜ਼ਰਬੰਦਾਂ ਨੂੰ ਦਿੱਤੇ ਜਾਣ ਵਾਲੇ 4.5 ਕਰੋੜ ਰੁਪਏ ਦੇ ਮੁਆਵਜੇ ਵਿਚੋਂ ਸੂਬੇ ਦੇ ਹਿੱਸੇ ਦੇ ਚੈੱਕ ਵੀਰਵਾਰ ਨੂੰ ਨਜ਼ਰਬੰਦਾਂ ਨੂੰ ਪ੍ਰਦਾਨ ਕਰਨਗੇ। ਇਸ ਦੇ ਨਾਲ ਉਨਾ ਨੂੰ ਚਿਰਾਂ ਤੋਂ ਲੋੜੀਂਦੀ ਰਾਹਤ ਪ੍ਰਾਪਤ ਹੋ ਜਾਵੇਗੀ।
ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਲਕੇ ਦੁਪਹਿਰ 12 ਵਜੇ ਪੰਜਾਬ ਭਵਨ ਵਿਖੇ ਆਪਣੇ ਮੰਤਰੀ ਮੰਡਲ ਦੇ ਸਾਥੀਆਂ ਦੀ ਹਾਜ਼ਰੀ ਵਿਚ ਜੋਧਪੁਰ ਦੇ ਨਜ਼ਰਬੰਦਾਂ ਨੂੰ ਚੈੱਕ ਦੇਣਗੇ ਜਿਸ ਤੋਂ ਬਾਅਦ ਦੁਪਹਿਰ ਦਾ ਖਾਣਾ ਹੋਵੇਗਾ।
ਅੰਮ੍ਰਿਤਸਰ ਜਿਲਾ ਅਦਾਲਤ ਵੱਲੋਂ ਮੁਆਵਜ਼ਾ ਦਿੱਤੇ ਜਾਣ ਦੇ ਦਿੱਤੇ ਗਏ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਨਜ਼ਰਬੰਦਾਂ ਨੂੰ ਆਪਣੇ ਹਿੱਸੇ ਦੀ ਰਾਸ਼ੀ ਵੰਡਣ ਦਾ ਫੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਸੂਚਨਾ ਦਿੱਤੇ ਜਾਣ ਤੋਂ ਬਾਅਦ ਮੁਆਵਜ਼ੇ ਦੀ ਇਸ ਰਾਸ਼ੀ ਦਿੱਤੇ ਜਾਣ ਦਾ ਫੈਸਲਾ ਲਿਆ ਹੈ।
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿਚ ਇਸ ਸਬੰਧ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਵੀ ਪੱਤਰ ਲਿਖਿਆ ਸੀ ਅਤੇ ਉਨ•ਾਂ ਨੇ ਸ੍ਰੀ ਰਾਜਨਾਥ ਸਿੰਘ ਦੀ ਗੈਰਹਾਜ਼ਰੀ ਵਿਚ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੌਬਾ ਨਾਲ ਵੀ ਟੈਲੀਫੋਨ ‘ਤੇ ਗੱਲ ਕੀਤੀ ਸੀ। ਉਨਾਂ ਨੇ ਨਜ਼ਰਬੰਦਾਂ ਨੂੰ ਚਿਰਾਂ ਤੋਂ ਲੋੜੀਂਦੀ ਰਾਹਤ ਮੁਹੱਈਆ ਕਰਾਉਣ ਸਬੰਧੀ ਮਾਮਲੇ ਦਾ ਜਲਦੀ ਹੱਲ ਕੀਤੇ ਜਾਣ ਦੀ ਮੰਗ ਕੀਤੀ ਸੀ। ਉਨਾਂ ਸਪਸ਼ਟ ਕੀਤਾ ਸੀ ਕਿ ਜੇ ਕੇਂਦਰ ਸਰਕਾਰ ਆਪਣਾ ਹਿੱਸਾ ਦੇਣ ਵਿਚ ਅਸਫਲ ਰਹੀ ਤਾਂ ਸੂਬਾ ਸਰਕਾਰ ਸਾਰੀ ਦੇਣਦਾਰੀ ਆਪਣੇ ਸਿਰ ਲਵੇਗੀ।
ਮੁੱਖ ਮੰਤਰੀ ਇਨਾਂ ਨਜ਼ਰਬੰਦਾਂ ਨੂੰ ਵੀ ਮਿਲੇ। ਇਨਾਂ ਨੂੰ ਜੂਨ 1984 ਵਿਚ ”ਓਪਰੇਸ਼ਨ ਬਲੂ ਸਟਾਰ” ਤੋਂ ਬਾਅਦ ਗ੍ਰਿਫਤਾਰ ਕਰ ਕੇ ਜੋਧਪੁਰ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨਾਂ ਦੀ ਸਰਕਾਰ ਇਸ ਮਾਮਲੇ ਵਿਚ ਉਨਾਂ ਦੀ ਹਰ ਮਦਦ ਕਰੇਗੀ।






















