ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਮ ਕਮੇਟੀ ਦੀ ਮੀਟਿੰਗ ਅੱਜ
11 ਜਥੇਬੰਦੀਆਂ ਦੀ ਮੀਟਿੰਗ ਵਿੱਚ ਲਏ ਫੈਸਲਿਆਂ ਤੇ ਹੋਵੇਗੀ ਵਿਚਾਰ-ਚਰਚਾ
ਚੰਡੀਗੜ੍ਹ, 3ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਰਣਨੀਤੀ ਤਿਆਰ ਕਰ ਸਕਦੀ ਹੈ। ਸ਼ਨੀਵਾਰ ਸ਼ਾਮ ਤੋਂ ਸ਼ੁਰੂ ਹੋਈ 11 ਜਥੇਬੰਦੀਆਂ ਦੀ ਮੀਟਿੰਗ ਦੇਰ ਰਾਤ ਤੱਕ ਜਾਰੀ ਰਹੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਤਵਾਰ ਸਵੇਰੇ ਅੰਤ੍ਰਿਮ ਕਮੇਟੀ ਦੀ ਮੀਟਿੰਗ ਸੱਦਣ ਦਾ ਐਲਾਨ ਕੀਤਾ। ਐਡਵੋਕੇਟ ਧਾਮੀ ਨੇ ਸ਼ਨੀਵਾਰ ਰਾਤ ਨੂੰ ਕੀ ਫੈਸਲੇ ਲਏ ਗਏ ਇਸ ਬਾਰੇ ਬੋਲਣ ਤੋਂ ਇਨਕਾਰ ਕਰ ਦਿੱਤਾ ਅਤੇ ਅੱਜ ਹੋਣ ਵਾਲੀ ਮੀਟਿੰਗ ਦਾ ਐਲਾਨ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਅੱਜ ਐਤਵਾਰ ਸਵੇਰੇ ਕਰੀਬ 11 ਵਜੇ ਸ਼ੁਰੂ ਹੋਵੇਗੀ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿਮ ਕਮੇਟੀ ਦੀ ਮੀਟਿੰਗ ਤੇਜਾ ਸਿੰਘ ਮਰੀਨ ਹਾਲ, ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ 11 ਜਥੇਬੰਦੀਆਂ ਦੀ ਮੀਟਿੰਗ ਵਿੱਚ ਕੁਝ ਫੈਸਲੇ ਲਏ ਗਏ ਸਨ, ਜਿਨ੍ਹਾਂ ਨੂੰ ਵਿਚਾਰਨ ਲਈ ਐਤਵਾਰ ਸਵੇਰੇ ਅੰਤ੍ਰਿਮ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਬੈਠਕ ‘ਚ ਸ਼ਨੀਵਾਰ ਰਾਤ ਦੇ ਫੈਸਲਿਆਂ ‘ਤੇ ਚਰਚਾ ਕੀਤੀ ਜਾਵੇਗੀ।