
• ਸਹਿਕਾਰਤਾ ਮੰਤਰੀ ਨੇ ਕਰਜ਼ਿਆਂ ਦੀ ਵਸੂਲੀ ਲਈ ਵੱਡੇ ਤੇ ਸਮਰੱਥਾਵਾਨ ਕਿਸਾਨਾਂ ਖਿਲਾਫ ਕਾਨੂੰਨੀ ਕਾਰਵਾਈ ਨੂੰ ਜਾਇਜ਼ ਠਹਿਰਾਇਆ
• ਕਿਸਾਨਾਂ ਦੀ ਭਲਾਈ ਲਈ ਬਣੇ ਸਹਿਕਾਰੀ ਤੇ ਖੇਤੀਬਾੜੀ ਵਿਕਾਸ ਬੈਂਕ ਨੂੰ ਪੈਰਾਂ ਸਿਰ ਖੜਾ ਕਰਨਾ ਸਰਕਾਰ ਦੀ ਮੁੱਖ ਪਹਿਲ
ਚੰਡੀਗੜ, 19 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਵੱਲੋਂ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਜ਼ਮੀਨ ਵੇਚਣ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਗੁੰਮਰਾਹਕਰਨ ਪ੍ਰਚਾਰ ‘ਤੇ ਬੋਲਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਕੀਤੀ ਜਾ ਰਹੀ ਹੈ। ਉਨਾ ਕਿਹਾ ਕਿ ਮੀਡੀਆ ਦੇ ਇਕ ਹਿੱਸੇ ਵਿੱਚ ਪ੍ਰਕਾਸ਼ਿਤ ਖਬਰ ਦਾ ਬੈਂਕ ਵੱਲੋਂ ਪਹਿਲਾਂ ਹੀ ਖੰਡਨ ਕੀਤਾ ਜਾ ਚੁੱਕਾ ਹੈ ਅਤੇ ਹੁਣ ਵਿਰੋਧੀ ਪਾਰਟੀਆਂ ਰਾਜਸੀ ਰੋਟੀਆਂ ਸੇਕਣ ਲਈ ਇਸ ਮੁੱਦੇ ਦਾ ਰਾਜਸੀਕਰਨ ਕੀਤਾ ਜਾ ਰਿਹਾ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਬੈਕ ਵੱਲੋਂ ਡਿਫਾਲਟਰ ਕਿਸਾਨਾਂ ਖਿਲਾਫ ਕਾਨੂੰਨੀ ਕਾਰਵਾਈ ਆਰੰਭ ਕਰਨਾ ਇਕ ਰੁਟੀਨ ਪ੍ਰਕਿਰਿਆ ਹੁੰਦੀ ਹੈ ਅਤੇ ਬੈਂਕ ਵੱਲੋਂ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਨੋਟਿਸ ਜਾਰੀ ਕਰਨ ਦਾ ਮਤਲਬ ਇਹ ਨਹੀਂ ਹੈ ਕਿ ਬੈਂਕ ਕਿਸਾਨਾਂ ਦੀ ਜ਼ਮੀਨ ਕੁਰਕ ਕਰਨ ਲੱਗਾ ਹੈ। ਉਨਾ ਦੱਸਿਆ ਕਿ ਪਿਛਲੀ ਸਰਕਾਰ ਜੋ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਸੀ, ਦੌਰਾਨ ਵੀ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਸੇਲ ਕੇਸ ਬਣਾ ਕੇ ਕਾਨੂੰਨੀ ਕਾਰਵਾਈ ਆਰੰਭੀ ਜਾਂਦੀ ਸੀ।
ਸਹਿਕਾਰਤਾ ਮੰਤਰੀ ਨੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ 31 ਜਨਵਰੀ 2016 ਤੱਕ 30,794 ਡਿਫਾਲਟਰ ਕਿਸਾਨਾਂ ਦਾ ਸੇਲ ਕੇਸ ਬਣਾ ਕੇ ਕਾਰਵਾਈ ਆਰੰਭੀ ਗਈ ਅਤੇ ਪੰਜਾਬ ਦੀਆਂ ਸਾਰੀਆਂ 89 ਪੀ.ਏ.ਡੀ.ਬੀ. ਦੇ 41,745 ਡਿਫਾਲਟਰ ਕਿਸਾਨਾਂ ਖਿਲਾਫ ਗ੍ਰਿਫਤਾਰੀ ਵਾਰੰਟੀ ਜਾਰੀ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਆਰੰਭੀ ਗਈ ਸੀ। ਉਨਾ ਅੱਗੇ ਦੱਸਿਆ ਕਿ ਪਿਛਲੇ 40 ਸਾਲਾਂ ਦੌਰਾਨ ਪੀ.ਏ.ਡੀ.ਬੀ. ਵੱਲੋਂ 23 ਡਿਫਾਲਟਰ ਕਿਸਾਨਾਂ ਦੀ ਜ਼ਮੀਨ ਨਿਲਾਮ ਕਰ ਕੇ ਬੈਂਕ ਵੱਲੋਂ ਖਰੀਦੀ ਗਈ ਜੋ ਇਸ ਵੇਲੇ ਬੈਂਕਾਂ ਦੇ ਨਾਂ ਬੋਲਦੀ ਹੈ। ਇਨਾ ਵਿੱਚੋਂ 20 ਮਾਮਲਿਆਂ ਵਿੱਚ ਜ਼ਮੀਨ ਦੀ ਨਿਲਾਮੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਈ ਜਿਸ ਕਾਰਨ ਅੱਜ ਵਿਰੋਧੀ ਪਾਰਟੀ ਨੂੰ ਇਸ ਮਾਮਲੇ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨਾ ਕਿਹਾ ਕਿ ਮਾਰਚ 2017 ਤੋਂ ਹੁਣ ਤੱਕ ਇਕ ਵੀ ਕਿਸਾਨ ਦੀ ਜ਼ਮੀਨ ਨਿਲਾਮ ਨਹੀਂ ਕੀਤੀ ਗਈ।
ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਤੇ ਖੇਤੀਬਾੜੀ ਵਿਕਾਸ ਬੈਂਕ ਕਿਸਾਨੀ ਦੀ ਰੀੜ ਦੀ ਹੱਡੀ ਹੈ ਅਤੇ ਇਨਾ ਨੂੰ ਮਜ਼ਬੂਤ ਕਰਨਾਂ ਪੰਜਾਬ ਸਰਕਾਰ ਦੀ ਮੁੱਖ ਪਹਿਲ ਹੈ। ਉਨਾ ਕਿਹਾ ਕਿ ਬੈਂਕ ਵੱਲੋਂ ਵੱਡੇ ਤੇ ਸਮਰੱਥਾਵਾਨ ਕਿਸਾਨਾਂ ਤੋਂ ਵਸੂਲੀ ਲਈ ਕਾਨੂੰਨੀ ਪ੍ਰਕਿਰਿਆ ਵੀ ਆਰੰਭੀ ਜਾਵੇਗੀ ਕਿਉਂਕਿ ਇਹ ਉਹ ਕਿਸਾਨ ਹਨ ਜੋ ਕਰਜ਼ਾ ਮੋੜਨ ਦੀ ਸਮਰੱਥਾ ਤਾਂ ਰੱਖਦੇ ਹੁੰਦੇ ਹਨ ਪ੍ਰੰਤੂ ਜਾਣ-ਬੁੱਝ ਕੇ ਕਰਜ਼ੇ ਦੀਆਂ ਕਿਸ਼ਤਾਂ ਨਹੀਂ ਮੋੜਦੇ। ਉਨਾ ਕਿਹਾ ਕਿ ਪਹਿਲੀ ਫਰਵਰੀ 2018 ਨੂੰ ਬੈਂਕ ਦਾ 1363.87 ਕਰੋੜ ਰੁਪਏ ਦਾ ਕਰਜ਼ਾ 71,432 ਕਿਸਾਨਾਂ ਵੱਲ ਬਾਕਾਇਆ ਖੜਾ ਹੈ। ਇਨਾਂ ਵਿੱਚੋਂ ਬੈਂਕ ਨੇ 30 ਜੂਨ 2018 ਤੱਕ 16469 ਕਿਸਾਨਾਂ ਤੋਂ 194.74 ਕਰੋੜ ਦੀ ਰਿਕਵਰੀ ਹਾਸਲ ਕਰ ਲਈ ਅਤੇ ਇਕ ਵੀ ਕਿਸਾਨ ਦੀ ਜ਼ਮੀਨ ਨਹੀਂ ਵੇਚੀ।






















