ਮਾਨਸਾ, 1 ਅਗਸਤ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਉਣ ਨੂੰ ਲੈਕੇ ਜ਼ਿਲ੍ਹਾ ਮਾਨਸਾ ਦੇ ਦੋ ਆਪ ਵਿਧਾਇਕਾਂ ਦਾ ਰਾਹ ਵੱਖਰਾ—ਵੱਖਰਾ ਹੋ ਗਿਆ ਹੈ। ਸੁਖਪਾਲ ਸਿµਘ ਖਹਿਰਾ ਵੱਲੋਂ ਆਪਣੇ ਸਮਰਥਕਾਂ ਸਮੇਤ 2 ਅਗਸਤ ਨੂੰ ਬਠਿੰਡਾ ਵਿਖੇ ਰੈਲੀ ਕੀਤੀ ਜਾ ਰਹੀ ਹੈ, ਹਾਲਾਂਕਿ ਇਸ ਰੈਲੀ ਵਿਚ ਖਹਿਰਾ ਅਤੇ ਹੋਰਨਾਂ ਵੱਲੋਂ ਉਨ੍ਹਾਂ ਦੇ ਪੱਖ ਵਿਚ ਵੱਡੀ ਗਿਣਤੀ ਵਿਚ ਵਿਧਾਇਕਾਂ ਦੇ ਪੁੱਜਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਜ਼ਿਲ੍ਹਾ ਮਾਨਸਾ ਨਾਲ ਸਬੰਧਿਤ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨੇ ਇਸ ਰੈਲੀ ਵਿਚ ਸ਼ਾਮਿਲ ਹੋਣ ਅਤੇ ਦੂਸਰੇ ਨੇ ਨਾ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ।
ਮਾਨਸਾ ਦੇ ਆਪ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਸੱਤਾ ਦੇ ਨੇੜੇ ਪੁੱਜੀ ਆਮ ਆਦਮੀ ਪਾਰਟੀ ਨੂੰ ਜਦੋਂ ਮੁੱਖ ਵਿਰੋਧੀ ਧਿਰ ਮੰਨਿਆ ਗਿਆ ਤਾਂ ਧੜੱਲੇਦਾਰ ਨੇਤਾ ਅਤੇ ਲੋਕਾਂ ਦੇ ਹਿੱਤਾਂ ਦੀ ਗੱਲ ਕਰਨ ਵਾਲੇ ਸੁਖਪਾਲ ਸਿੰਘ ਖਹਿਰਾ ਨੂੰ ਇਸ ਦਾ ਨੇਤਾ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਖਹਿਰਾ ਨੇ ਵਿਰੋਧੀ ਧਿਰ ਦੇ ਨੇਤਾ ਵਜੋਂ ਭੂਮਿਕਾ ਨਿਭਾਉਦਿਆਂ ਵਿਰੋਧੀ ਪਾਰਟੀਆਂ ਨੂੰ ਹਮੇਸ਼ਾ ਲਲਕਾਰਿਆ ਅਤੇ ਲੋਕ ਹਿੱਤਾਂ ਲਈ ਫੈਸਲੇ ਲੈਣ ਲਈ ਮਜ਼ਬੂਰ ਕੀਤਾ। ਉਨ੍ਹਾਂ ਕਿਹਾ ਕਿ ਹਾਈਕਮਾਂਡ ਨੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਕੇ ਜਲਦਬਾਜ਼ੀ ਕੀਤੀ ਹੈ, ਜਦੋਂ ਕਿ ਚਾਹੀਦਾ ਇਹ ਸੀ ਕਿ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਉਣ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਸੁਣਿਆ ਜਾਂਦਾ ਅਤੇ ਕੰਮ ਕਰਨ ਦਾ ਮੌਕਾ ਦਿੱਤਾ ਜਾਂਦਾ, ਤਾਂ ਇਸ ਤਰ੍ਹਾਂ ਕੰਮ ਕਰਨ ਵਾਲੇ ਨੇਤਾ ’ਤੇ ਇਸ ਤਰ੍ਹਾਂ ਦਾ ਫੈਸਲਾ ਥੋਪਣਾ ਜਾਇਜ਼ ਨਹੀਂ ਅਤੇ ਇਸ ’ਤੇ ਪੁਨਰ ਵਿਚਾਰ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਹ ਭਲਕੇ 2 ਅਗਸਤ ਨੂੰ ਬਠਿੰਡਾ ਦੀ ਰੈਲੀ ਵਿਚ ਆਪਣੇ ਵੱਡੀ ਪੱਧਰ *ਤੇ ਸਮਰਥਕਾਂ ਸਮੇਤ ਹਿੱਸਾ ਲੈਣਗੇ।
ਦੂਜੇ ਪਾਸੇ ਬੁਢਲਾਡਾ ਤੋਂ ਆਪ ਵਿਧਾਇਕ ਪਿੰ. ਬੁੱਧ ਰਾਮ ਦਾ ਤਰਕ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੀ ਜਾ ਰਹੀ ਇਹ ਰੈਲੀ ਅਸਲ ਵਿਚ ਆਮ ਆਦਮੀ ਪਾਰਟੀ ਵਿਰੋਧੀ ਰੈਲੀ ਹੈ। ਇਸ ਵਿਚ ਉਨ੍ਹਾਂ ਵੱਲੋਂ ਹਿੱਸਾ ਲੈਣ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਹੁਕਮ ਆਮ ਆਦਮੀ ਪਾਰਟੀ ਦੇ ਹਰ ਵਰਕਰ ਤੇ ਨੇਤਾ ਨੂੰ ਮੰਨਣਾ ਚਾਹੀਦਾ ਹੈ। ਜੇਕਰ ਇਸ ਤਰ੍ਹਾਂ ਹੀ ਨੇਤਾ ਆਪਣੀਆਂ ਮਨਮਾਨੀਆਂ ਕੀਤੀਆਂ ਜਾਣ ਲੱਗੀਆਂ ਤਾਂ ਇਸ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਬਠਿੰਡਾ ਦੀ ਸੁਖਪਾਲ ਸਿੰਘ ਖਹਿਰਾ ਦੀ ਰੈਲੀ ਵਿਚ ਸ਼ਮੂਲੀਅਤ ਨਹੀਂ ਕਰਨਗੇ, ਕਿਉਕਿ ਉਹ ਆਮ ਆਦਮੀ ਪਾਰਟੀ ਨਾਲ ਜੁੜੇ ਹਨ, ਕਿਸੇ ਵਿਅਕਤੀ ਜਾਂ ਨੇਤਾ ਨਾਲ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵੇਲੇ ਅਰਵਿੰਦ ਕੇਜਰੀਵਾਲ ਦੇ ਨਾਮ ਨੂੰ ਹੀ ਵੋਟਾਂ ਪਾਈਆਂ ਹਨ।
ਫੋਟੋ ਕੈਪਸ਼ਨ: ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਦੋਨੇ ਵਿਧਾਇਕ।