ਲੌਂਗੋਵਾਲ 20 ਅਗਸਤ (ਵਿਸ਼ਵ ਵਾਰਤਾ) : ਰਾਜ ਵਿੱਚ ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਵੱਲੋਂ ਪਾਏ ਗਏ ਮਹੱਤਵਪੂਰਨ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 33ਵੀਂ ਬਰਸੀ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਖੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਜੀ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦਾ ਦਿਹਾਂਤ ਹੋ ਜਾਣ ਕਾਰਨ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਕਾਰਨ ਰਾਜ ਪੱਧਰੀ ਸਮਾਗਮ ਨਹੀਂ ਕਰਵਾਇਆ ਗਿਆ ਪਰ ਸ਼ਾਂਤੀ ਦੇ ਮਸੀਹਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਅਹਿਮ ਦੇਣ ਨੂੰ ਦਿਲੋਂ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ ।
ਇਸ ਮੌਕੇ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੰਤ ਲੌੌੌਗੋਵਾਲ ਨੇ ਪੰਜਾਬ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਜਦੋਂ ਪੰਜਾਬ ਖੂਨ ਦੀ ਲੜਾਈ ਲੜ ਰਿਹਾ ਸੀ ਉਸ ਸਮੇਂ ਪੰਜਾਬ ਅਤੇ ਪੰਜਾਬੀਆਂ ਦੀ ਰਾਖੀ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਰਾਜੀਵ-ਲੌਂਗੋਵਾਲ ਸਮਝੌਤਾ ਕਰਕੇ ਪੰਜਾਬ ਤੇ ਪੰਜਾਬੀਅਤ ਲਈ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਤੇ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੂੰ ਸ਼ਹੀਦ ਕਰ ਦਿੱਤਾ। ਸ. ਧਰਮਸੋਤ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਦੇਸ਼ ਦੇ ਸੰਵਿਧਾਨ ਲਈ ਜਿਹੜੇ ਦੇਸ਼ਭਗਤਾਂ ਤੇ ਸ਼ਖ਼ਸੀਅਤਾਂ ਨੇ ਆਪਣੀ ਕੁਰਬਾਨੀ ਦੇ ਦਿੱਤੀ ਉਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਹਮੇਸ਼ਾਂ ਯਾਦ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਤੇ ਦੇਸ਼ਭਗਤਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾਣਾ ਚਾਹੀਦਾ।