ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ
ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਰੈਲੀ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 28ਮਈ(ਵਿਸ਼ਵ ਵਾਰਤਾ)- ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ ਹੋਣਗੇ। ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਸ਼ਾਮ 5 ਵਜੇ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਰੱਖੀ ਗਈ ਹੈ। ਇਸ ਦੇ ਨਾਲ ਹੀ ਇਸ ਮੌਕੇ ਭਾਜਪਾ ਦੇ ਕਿਸਾਨ ਵਿੰਗ ਦੇ ਆਗੂ ਵੀ ਮੌਜੂਦ ਰਹਿਣਗੇ। ਇਸ ਦੇ ਲਈ ਪੁਲਿਸ ਅਤੇ ਕੇਂਦਰੀ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਰਾਜਨਾਥ ਸਿੰਘ ਦਾ ਪੰਜਾਬ ਚੋਣਾਂ ਲਈ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਬਠਿੰਡਾ ਜਾ ਕੇ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕਰ ਚੁੱਕੇ ਹਨ। ਰਾਜਨਾਥ ਸਿੰਘ ਤੋਂ ਇਲਾਵਾ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਅੱਜ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਚੋਣ ਪ੍ਰਚਾਰ ਨੂੰ ਹੁਲਾਰਾ ਦੇਣਗੇ। ਉਹ ਅੱਜ ਸ਼ਾਮ 6 ਵਜੇ ਮੁਹਾਲੀ ਦੇ ਸੈਕਟਰ 105 ਸਥਿਤ ਕਲੱਬ ਹਾਊਸ ਵਿੱਚ ਜਨਤਕ ਮੀਟਿੰਗ ਕਰਨਗੇ। ਇਸ ਸਬੰਧੀ ਪੂਰੀ ਤਿਆਰੀ ਕਰ ਲਈ ਗਈ ਹੈ।























