ਨਰਿੰਦਰ ਮੋਦੀ ਅੱਜ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ
ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਰਿਕਾਰਡ ਦੀ ਕਰਨਗੇ ਬਰਾਬਰੀ
ਸਹੁੰ ਚੁੱਕਣ ਤੋਂ ਪਹਿਲਾਂ ਪਹੁੰਚੇ ਰਾਜਘਾਟ
ਵਾਰ ਮੈਮੋਰੀਅਲ ‘ਤੇ ਪਹੁੰਚ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 9ਜੂਨ(ਵਿਸ਼ਵ ਵਾਰਤਾ)- ਨਰਿੰਦਰ ਮੋਦੀ ਅੱਜ ਸ਼ਾਮ 7:15 ਵਜੇ ਰਾਸ਼ਟਰਪਤੀ ਭਵਨ ਵਿੱਚ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਪਹਿਲਾਂ ਉਹ ਅੱਜ ਸਵੇਰੇ ਰਾਜਘਾਟ ਪਹੁੰਚੇ। ਜਿੱਥੇ ਉਹਨਾਂ ਨੇ ਮਹਾਮਤਾ ਗਾਂਧੀ ਨੂੰ ਸਜਦਾ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਮਾਧੀ ਸਥਾਨ ‘ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਮੋਦੀ ਨੇ ਵਾਰ ਮੈਮੋਰੀਅਲ ‘ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਜੰਗੀ ਯਾਦਗਾਰ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੌਰਾਨ ਬਣਾਈ ਗਈ ਹੈ। ਜ਼ਿਕਰਯੋਗ ਹੈ ਕਿ ਸਹੁੰ ਚੁੱਕ ਕੇ ਮੋਦੀ ਲਗਾਤਾਰ ਤਿੰਨ ਵਾਰ ਪ੍ਰਧਾਨ ਮੰਤਰੀ ਬਣਨ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 62 ਸਾਲ ਪੁਰਾਣੇ ਰਿਕਾਰਡ ਦੀ ਬਰਾਬਰੀ ਕਰਨਗੇ। ਨਹਿਰੂ ਜੇਤੂ ਬਣੇ ਅਤੇ 1952, 1957 ਅਤੇ 1962 ਵਿੱਚ ਲਗਾਤਾਰ ਤਿੰਨ ਵਾਰ ਪ੍ਰਧਾਨ ਮੰਤਰੀ ਬਣੇ। ਹਾਲਾਂਕਿ ਨਹਿਰੂ ਦੀ ਸਰਕਾਰ ਕੋਲ ਪੂਰਨ ਬਹੁਮਤ ਸੀ। ਮੋਦੀ ਦੀ ਤੀਜੀ ਪਾਰੀ ਗਠਜੋੜ ਦੇ ਆਧਾਰ ‘ਤੇ ਚੱਲੇਗੀ।
7 ਜੂਨ ਨੂੰ ਸੰਸਦ ਦੇ ਸੈਂਟਰਲ ਹਾਲ ਵਿੱਚ ਹੋਈ ਮੀਟਿੰਗ ਵਿੱਚ ਐਨਡੀਏ ਆਗੂਆਂ ਨੇ ਮੋਦੀ ਨੂੰ ਆਪਣਾ ਆਗੂ ਚੁਣਿਆ ਸੀ। ਹੁਣ ਸਹੁੰ ਦੀ ਉਡੀਕ ਹੈ। ਇਸ ਸਮਾਰੋਹ ਵਿੱਚ 7 ਦੇਸ਼ਾਂ- ਸ਼੍ਰੀਲੰਕਾ, ਬੰਗਲਾਦੇਸ਼, ਮਾਲਦੀਵ, ਸੇਸ਼ੇਲਸ, ਮਾਰੀਸ਼ਸ, ਨੇਪਾਲ ਅਤੇ ਭੂਟਾਨ ਦੇ ਰਾਜ ਮੁਖੀ ਸ਼ਾਮਲ ਹੋਣਗੇ। ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਭਾਰਤ ਦੇ 7 ਗੁਆਂਢੀ ਦੇਸ਼ਾਂ ਦੇ ਨੇਤਾ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਅਤੇ ਸੇਸ਼ੇਲਸ ਦੇ ਉਪ ਰਾਸ਼ਟਰਪਤੀ ਅਹਿਮਦ ਅਫੀਫ ਸ਼ਾਮਲ ਹਨ। ਇਨ੍ਹਾਂ ਦੇਸ਼ਾਂ ਨੂੰ ਭਾਰਤ ਦੀ ‘ਨੇਬਰਹੁੱਡ ਫਸਟ’ ਨੀਤੀ ਅਤੇ ‘ਸਾਗਰ’ ਮਿਸ਼ਨ ਤਹਿਤ ਸਮਾਰੋਹ ਲਈ ਸੱਦਾ ਦਿੱਤਾ ਗਿਆ ਹੈ। ਦਿੱਲੀ ਦੇ ਸਭ ਤੋਂ ਵੱਡੇ ਹੋਟਲਾਂ ਵਿੱਚ ਵਿਦੇਸ਼ੀ ਮਹਿਮਾਨਾਂ ਦੀ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਵਿੱਚ ਆਈਟੀਸੀ ਮੌਰਿਆ, ਤਾਜ ਹੋਟਲ, ਓਬਰਾਏ, ਕਲੇਰਿਜ ਅਤੇ ਲੀਲਾ ਹੋਟਲ ਸ਼ਾਮਲ ਹਨ। ਉਨ੍ਹਾਂ ਦੀ ਸੁਰੱਖਿਆ ਲਈ 2500 ਅਰਧ ਸੈਨਿਕ ਬਲ ਅਤੇ ਦਿੱਲੀ ਆਰਮਡ ਪੁਲਿਸ (ਡੀਏਪੀ) ਦੇ ਜਵਾਨ ਤਾਇਨਾਤ ਕੀਤੇ ਗਏ ਹਨ।























