BREAKING NEWS : ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਸਮਾਪਤ
22 ਫਰਵਰੀ ਨੂੰ ਕਿਸਾਨਾਂ ਦੀ ਮੁੜ ਕੇਂਦਰ ਸਰਕਾਰ ਨਾਲ ਹੋਵੇਗੀ ਮੀਟਿੰਗ
ਚੰਡੀਗੜ੍ਹ, 14ਫਰਵਰੀ(ਵਿਸ਼ਵ ਵਾਰਤਾ) BREAKING NEWS : ਫ਼ਸਲਾਂ ਦੇ ਘੱਟ-ਘੱਟ ਸਮਰਥਨ ਮੁੱਲ ਸਮੇਤ ਕਿਸਾਨੀ ਦੀਆਂ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਅੱਜ ਇੱਥੇ ਕੇਂਦਰ ਸਰਕਾਰ ਦੀ ਟੀਮ ਨਾਲ ਹੋ ਰਹੀ ਮੀਟਿੰਗ ਸਮਾਪਤ ਹੋ ਗਈ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਵਿਚਕਾਰ ਪੰਜਵੇਂ ਦੌਰ ਦੀ ਮੀਟਿੰਗ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਹੋਈ। ਮੀਟਿੰਗ ਵਿੱਚ 28 ਕਿਸਾਨ ਆਗੂ ਸ਼ਾਮਲ ਹੋਏ। ਇਹ ਮੀਟਿੰਗ ਪੌਣੇ ਤਿੰਨ ਘੰਟੇ ਦੇ ਕਰੀਬ ਚੱਲੀ। ਇਸ ਮੀਟਿੰਗ ਵਿੱਚ ਕੇਂਦਰੀ ਟੀਮ ਦੀ ਅਗਵਾਈ ਖ਼ਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕੀਤੀ ਜਦਕਿ ਦੋ ਕਿਸਾਨੀ ਫੋਰਮਾਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਗਵਾਈ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟ ਕੀਤੀ।

ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਚੰਗੇ ਮਾਹੌਲ ਵਿੱਚ ਮੀਟਿੰਗ ਹੋਈ ਹੈ। ਡੱਲੇਵਾਲ ਨੇ ਕਿਹਾ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਨੇ ਧਿਆਨ ਨਾਲ ਸੁਣਿਆ ਹੈ ਅਤੇ ਉਮੀਦ ਹੈ ਕਿ ਸਰਕਾਰ ਅਗਲੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਦਾ ਹੱਲ ਕਰੇਗੀ। ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ 22 ਤਰੀਕ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ ਕਿਸਾਨ 13 ਫਰਵਰੀ, 2024 ਤੋਂ ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ, ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੇਣ ਵਾਲੇ ਕਾਨੂੰਨ ਅਤੇ ਹੋਰ ਮੰਗਾਂ ਦੀ ਮੰਗ ਕਰ ਰਹੇ ਹਨ। ਇਸ ਅੰਦੋਲਨ ਦੇ ਚਲਦਿਆਂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਜੋ 81 ਦਿਨਾਂ ਤੋਂ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਹਨ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅੱਜ ਇੱਕ ਐਂਬੂਲੈਂਸ ਵਿੱਚ ਚੰਡੀਗੜ੍ਹ ਪਹੁੰਚੇ। ਦੱਸ ਦਈਏ ਕਿ ਇਸ ਮੀਟਿੰਗ ਵਿੱਚ ਕੇਂਦਰ ਵੱਲੋਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਮੌਜੂਦ ਸਨ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਮੌਜੂਦ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























