- ਡੇਢ ਮਹੀਨੇ ਦੇ ਅੰਦਰ-ਅੰਦਰ ਕੀਤੀ ਜਾਵੇਗੀ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ
ਐਸ.ਏ.ਐਸ. ਨਗਰ, 20 ਨਵੰਬਰ (ਵਿਸ਼ਵ ਵਾਰਤਾ)-ਰਾਜ ਦੀਆਂ ਖੰਡ ਮਿੱਲਾਂ ਦੇ ਨਵੀਨੀਕਰਨ ਸਮੇਤ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਗੰਨਾ ਕਾਸ਼ਤਕਾਰਾਂ ਦੀ ਸਾਰੀ ਬਕਾਇਆ ਰਾਸ਼ੀ ਡੇਢ ਮਹੀਨੇ ਦੇ ਅੰਦਰ ਅੰਦਰ ਅਦਾ ਕਰ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਹਰ ਹਫ਼ਤੇ 25 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਇਆ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰਤਾ ਮੰਤਰੀ, ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨ ਵਿਕਾਸ ਚੈਂਬਰ, ਐਸ.ਏ.ਐਸ. ਨਗਰ ਵਿਖੇ ਕਰਵਾਏ 65ਵੇਂ ਸਰਬ ਭਾਰਤੀ ਸਹਿਕਾਰਤਾ ਹਫ਼ਤੇ ਦੇ ਸਮਾਪਤੀ ਸਮਾਰੋਹ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਸਮੇਂ ਦੀ ਲੋੜ ਅਨੁਸਾਰ ਰਾਜ ਵਿੱਚ ਸਹਿਕਾਰਤਾ ਰਾਹੀਂ ਹੁਨਰਮੰਦੀ ਅਤੇ ਤਕਨੀਕੀ ਵਿਕਾਸ ਪ੍ਰਤੀ ਨਵੀਆਂ ਲੀਹਾਂ ਪਾਵੇਗਾ, ਜਿਸ ਨਾਲ ਰਾਜ ਦੇ ਨੌਜਵਾਨਾਂ ਨੂੰ ਹੁਨਰਮੰਦੀ ਅਤੇ ਤਕਨੀਕੀ ਜਾਣਕਾਰੀ ਪ੍ਰਾਪਤ ਹੋਵੇਗੀ, ਜਿਸ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਕਰਨ ਦੇ ਵਧੇਰੇ ਮੌਕੇ ਪ੍ਰਾਪਤ ਹੋਣਗੇ। ਉਨ੍ਹਾਂ ਹੋਰ ਕਿਹਾ ਕਿ ਸਹਿਕਾਰਤਾ ਵਿਭਾਗ ਵਿੱਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਇਹ ਵਿਭਾਗ ਲੋਕਾਂ ਦਾ ਆਪਣਾ ਵਿਭਾਗ ਹੈ, ਜੋ ਕਿ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਿਆ ਹੋਇਆ ਹੈ। ਇਸ ਵਿਭਾਗ ਨੂੰ ਮੁੜ ਲੀਹਾਂ ‘ਤੇ ਪਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕਾਂ ਦਾ ਕਰਜ਼ਾ ਨਾ ਮੋੜਨ ਵਾਲੇ ਧਨਾਢਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਬੈਂਕ ਗ਼ਰੀਬ ਲੋਕਾਂ ਲਈ ਹਨ ਨਾ ਕਿ ਧਨਾਢਾਂ ਲਈ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਗਬਨ ਕਰਨ ਵਾਲਿਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਸਾਰੀਆਂ ਸਹਿਕਾਰੀ ਸਭਾਵਾਂ ਨੂੰ ਮੁਨਾਫੇ ਵਿੱਚ ਲਿਆਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣਗੇ। ਸ. ਰੰਧਾਵਾ ਨੇ ਹੋਰ ਦੱਸਿਆ ਕਿ ਰਾਜ ਦੀਆਂ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਉਪਦਾਨ ‘ਤੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ 10 ਹਜ਼ਾਰ ਆਧੁਨਿਕ ਸੰਦ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ‘ਤੇ 94 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਹੋਰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਸੰਦਾਂ ‘ਤੇ ਵੀ ਸਹਿਕਾਰੀ ਸਭਾਵਾਂ ਨੂੰ ਸਬਸਿਡੀ ਦਿੱਤੀ ਜਾਵੇਗੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਪੰਜਾਬ ਦੇ ਕਿਸਾਨਾਂ ਦੀ ਰੀੜ੍ਹ ਦੀ ਹੱਡੀ ਹੈ। ਇਹ ਵਿਭਾਗ ਕਿਸਾਨਾਂ ਨੂੰ ਵਿੱਤੀ ਮੁਸ਼ਕਲਾਂ ਵਿੱਚੋਂ ਕੱਢਣ ਸਬੰਧੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ ਤੇ ਇਸ ਵਿਭਾਗ ਨਾਲ ਸਬੰਧਤ ਅਦਾਰਿਆਂ ਵੱਲੋਂ ਤਿਆਰ ਕੀਤੇ ਜਾਂਦੇ ਉਤਪਾਦਾਂ ਦੇ ਮੰਡੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਹਿਕਾਰਤਾ ਅਦਾਰਿਆਂ ਵੱਲੋਂ ਤਿਆਰ ਕੀਤੇ ਜਾਂਦੇ ਉਤਪਾਦਾਂ ਦੀ ਵਿਕਰੀ ਵਿੱਚ ਵਾਧਾ ਹੋਵੇਗਾ ਤਾਂ ਕਿਸਾਨਾਂ ਦੀ ਆਮਦਨ ਵੀ ਵਧੇਗੀ ਤੇ ਨਾਲ ਹੀ ਉਹ ਰਿਵਾਇਤੀ ਫ਼ਸਲੀ ਦੀ ਕਾਸ਼ਤ ਨੂੰ ਛੱਡ ਸਹਾਇਕ ਧੰਦਿਆਂ ਤੇ ਖੇਤੀ ਵਿਭਿੰਨਤਾ ਨੂੰ ਅਪਨਾਉਣਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਨੂੰ ਸਬਸਿਡੀ ‘ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਸਦਕਾ ਇਸ ਵਾਰ ਪਰਾਲੀ ਫੂਕਣ ਦੀਆਂ ਘਟਨਾਵਾਂ ਵਿਚ ਵੱਡੇ ਪੱਧਰ ‘ਤੇ ਕਮੀ ਆਈ ਹੈ।
ਇਸ ਮੌਕੇ ਸਹਿਕਾਰਤਾ ਵਿਭਾਗ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਤੇ ਵਧੀਆ ਕਾਰਜ ਕਰਨ ਵਾਲੇ ਸਹਿਕਾਰੀ ਸੁਸਾਇਟੀਆਂ ਦੇ ਨੁਮਾਇੰਦਿਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਡਾ. ਹਰਸ਼ਿੰਦਰ ਕੌਰ ਵਲੋਂ ਸੂਬੇ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਾਲ ਹੀ ਸੂਬੇ ਦੀ ਬਿਹਤਰੀ ਸਬੰਧੀ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਸਹਿਕਾਰਤਾ ਵਿਭਾਗ ਨਾਲ ਸਬੰਧਿਤ ਅਦਾਰਿਆਂ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਆਪਣੇ ਉਤਪਾਦਾਂ ਅਤੇ ਸਕੀਮਾਂ ਸਬੰਧੀ ਪ੍ਰਦਰਸ਼ਨੀ ਵੀ ਲਾਈ ਗਈ, ਜਿਸ ਦਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਾਇਜ਼ਾ ਲਿਆ ਗਿਆ।
ਸਮਾਗਮ ਦੌਰਾਨ ਸ਼ੂਗਰ ਫੈੱਡ ਦੇ ਐਮ ਡੀ ਦਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਅਮਰਦੀਪ ਸਿੰਘ ਬੈਂਸ, ਪੰਜਾਬ ਰਾਜ ਸਹਿਕਾਰੀ ਬੈਂਕ ਲਿਮਿਟਡ ਦੇ ਐਮ ਡੀ ਐਸ.ਕੇ.ਬਾਤਿਸ਼, ਸਹਿਕਾਰੀ ਸਭਾਵਾਂ ਪੰਜਾਬ ਦੇ ਵਧੀਕ ਰਜਿਸਟਰਾਰ ਸ੍ਰੀਮਤੀ ਨਿਸ਼ਾ ਰਾਣਾ, ਮਾਰਕਫੈੱਡ ਦੇ ਏ.ਐਮ.ਡੀ. ਬਾਲ ਮੁਕੰਦ ਸ਼ਰਮਾ, ਪਨਕੋਫੈੱਡ ਦੇ ਐਮ.ਡੀ. ਸ. ਮਨਜੀਤ ਸਿੰਘ, ਸੰਯੁਕਤ ਰਜਿਸਟਰਾਰ ਪਟਿਆਲਾ ਡਿਵੀਜ਼ਨ ਦਰਸ਼ਨ ਸਿੰਘ ਗਿੱਲ, ਡਿਪਟੀ ਰਜਿਸਟਰਾਰ ਮੋਹਾਲੀ ਅਭਿਤੇਸ਼ ਸਿੰਘ ਸੰਧੂ, ਐਸ.ਏ.ਐਸ. ਨਗਰ ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟਡ ਦੇ ਜ਼ਿਲ੍ਹਾ ਮੈਨੇਜਰ ਸ਼੍ਰੀਮਤੀ ਪ੍ਰਗਤੀ ਜੱਗਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।