Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸੀਟ ਜਿੱਤਣ ਲਈ ਸਾਰੇ ਪੱਬਾਂ ਭਾਰ
– ‘ਆਪ’ ਲਈ ਬਣਿਆ ਮੁੱਛ ਦਾ ਸਵਾਲ
– ਭਾਜਪਾ ਲੀਡਰਸ਼ਿਪ ਦੀ ਬੇਰੁਖੀ ਤੋਂ ਵਰਕਰ- ਲੀਡਰ ਹੈਰਾਨ-ਪ੍ਰੇਸ਼ਾਨ
– ਕਿਸੇ ਸਮੇ ਵੀ ਹੋ ਸਕਦਾ ਤਰੀਕਾਂ ਦਾ ਐਲਾਨ

ਲੁਧਿਆਣਾ, 18 ਮਈ (ਵਿਸ਼ਵ ਵਾਰਤਾ): ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ (Punjab) ਦੀ ਜ਼ਿਮਨੀ ਚੋਣ ਲਈ ਵੋਟਾਂ ਦੀਆਂ ਤਰੀਕਾਂ ਦੇ ਐਲਾਨ ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਦੱਸ ਦਈਏ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ 11 ਜਨਵਰੀ 2025 ਨੂੰ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ। ਸਾਰੀਆਂ ਸਿਆਸੀ ਪਾਰਟੀਆਂ ਅੱਡੀ- ਚੋਟੀ ਦਾ ਜ਼ੋਰ ਲਗਾ ਰਹੀਆਂ ਹਨ ਪਰ ਅਜੇ ਤੱਕ ਚੋਣ ਕਮਿਸ਼ਨ ਨੇ ਵੋਟਾਂ ਪੈਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ। ਨਿਯਮਾਂ ਅਨੁਸਾਰ 11 ਜੁਲਾਈ 2025 ਤੋਂ ਪਹਿਲਾਂ ਜ਼ਿਮਨੀ ਚੋਣ ਕਰਵਾਉਣੀ ਜ਼ਰੂਰੀ ਹੈ। ਚੋਣ ਕਮਿਸ਼ਨ ਵੱਲੋਂ ਛੇਤੀ ਹੀ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਕਰਨ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦਾ ਐਲਾਨ ਕਰਨ ’ਚ ਭਾਜਪਾ ਥੋੜਾ ਪੱਛੜ ਗਈ ਹੈ, ਜਦਕਿ ਮੁੱਖ ਪਾਰਟੀਆਂ ‘ਆਪ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਚੋਣ ਮੈਦਾਨ ’ਚ ਉਤਾਰ ਦਿੱਤੇ ਹਨ। ‘ਆਪ’ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਉਮੀਦਵਾਰ ਹਨ, ਜਦੋਂ ਕਿ ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਅਕਾਲੀ ਦਲ ਨੇ ਚੋਣਾਂ ਵਿੱਚ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਹੈ। ਹਾਲਾਂਕਿ, ਭਾਜਪਾ ਨੇ ਹਾਲੇ ਤੱਕ ਇੱਥੋਂ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
ਇਹ ਜ਼ਿਮਨੀ ਚੋਣ ਇਸ ਵੇਲੇ ‘ਆਪ’ ਸਰਕਾਰ ਲਈ ਮੁੱਛ ਦਾ ਸਵਾਲ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ‘ਆਪ’ ਵੱਲੋਂ ਚੋਣਾਂ ਨੂੰ ਲੈ ਕੇ ਪਾਰਟੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਵੀ ਸ਼ਹਿਰ-ਵਿਆਪੀ ਸਮਾਗਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ ਅਤੇ ਸ਼ਹਿਰ ਭਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਰਹੇ ਹਨ।
ਲੁਧਿਆਣਾ ਦੇ ਵੱਡੇ ਕਾਰੋਬਾਰੀ ਸੰਜੀਵ ਅਰੋੜਾ ਨੂੰ ਮਾਰਚ 2022 ਵਿੱਚ ‘ਆਪ’ ਤੋਂ ਰਾਜ ਸਭਾ ਦੀ ਟਿਕਟ ਮਿਲੀ ਸੀ। ਦੱਸ ਦਈਏ ਕਿ ਸੰਜੀਵ ਅਰੋੜਾ ਦਾ ਐਕਸਪੋਰਟ ਇੰਡਸਟਰੀ ਵਿੱਚ ਪ੍ਰਾਈਮਰੀ ਬਿਜ਼ਨਸ ਹੈ। ਉਹ ਪਿਛਲੇ ਤਿੰਨ ਦਹਾਕਿਆਂ ਤੋਂ ਰਿਤੇਸ਼ ਇੰਡਸਟਰੀਜ਼ ਲਿਮਟਿਡ ਕੰਪਨੀ ਚਲਾ ਰਹੇ ਹਨ। ਉਨ੍ਹਾਂ ਦੀ ਕੰਪਨੀ ਅਮਰੀਕਾ ਨੂੰ ਨਿਰਯਾਤ ਕਰਦੀ ਹੈ ਇਸ ਤੋਂ ਇਲਾਵਾ ਉਨ੍ਹਾਂ ਨੇ 2018 ਵਿੱਚ ਫੇਮੇਲਾ ਫੈਸ਼ਨ ਲਿਮਟਿਡ ਕੰਪਨੀ ਦੀ ਸ਼ੁਰੂਆਤ ਕੀਤੀ। ਸਾਲ 2019 ਵਿੱਚ, ਉਨ੍ਹਾਂ ਨੇ ਮੈਟਲ ਬਿਜ਼ਨਸ ਵਿੱਚ ਵੀ ਕਦਮ ਰੱਖਿਆ, ਜਿਸਦੀ ਮੇਕ ਇਨ ਇੰਡੀਆ ਸਕੀਮ ਤਹਿਤ ਸੁਜ਼ੂਕੀ ਮੋਟਰਜ਼ ਨਾਲ ਸਾਂਝੇਦਾਰੀ ਹੈ।ਹਾਲਾਂਕਿ, ਕਈ ਵਿਰੋਧੀ ਪਾਰਟੀਆਂ ਵਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਣ ਪਿੱਛੇ ਆਮ ਆਦਮੀ ਪਾਰਟੀ ਦੀ ਮਨਸ਼ਾ ਇਹ ਹੈ ਕਿ ਉਹ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਮੈਂਬਰ ਬਣਾ ਸਕਣ।
ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਵੀ ਪੂਰੀ ਕਮਰ ਕੱਸੀ ਹੋਈ ਹੈ। ਕਾਂਗਰਸ ਹਾਈਕਮਾਨ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਵਿਸ਼ਵਾਸ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਪੱਛਮੀ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ। ਭਾਰਤ ਭੂਸ਼ਣ ਆਸ਼ੂ ਲੁਧਿਆਣਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਪਿਛਲੀ ਕਾਂਗਰਸ ਸਰਕਾਰ ਵਿੱਚ ਆਸ਼ੂ, ਖੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਉਹਨਾਂ ਨੇ ਆਪਣਾ ਰਾਜਨੀਤਿਕ ਕਰੀਅਰ ਦੀ ਸ਼ੁਰੂਆਤ 1997 ‘ਚ ਲੁਧਿਆਣਾ ਸ਼ਹਿਰ ਦੇ ਵਾਰਡ ਨੰਬਰ 48 ਤੋਂ ਨਗਰ ਕੌਂਸਲਰ ਚੁਣੇ ਜਾਣ ਤੋਂ ਕੀਤੀ ਸੀ। ਆਪਣੀ ਪਹਿਲੀ ਜਿੱਤ ਤੋਂ ਬਾਅਦ ਉਹਨਾਂ ਨੇ ਮੁੜ ਪਿੱਛੇ ਨਹੀਂ ਦੇਖਿਆ ਅਤੇ ਹੁਣ ਵੀ ਉਨ੍ਹਾਂ ਵਲੋਂ ਲਗਾਤਾਰ ਜ਼ਿਮਨੀ ਚੋਣਾਂ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਵੀ ਕਾਫੀ ਐਕਟਿਵ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਰਉਪਕਾਰ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨਿਆ। ਘੁੰਮਣ ਇੱਕ ਉੱਘੇ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਕਾਨੂੰਨੀ ਲੜਾਈ ਲੜੀ ਹੈ
ਹਲਕਾ ਪੱਛਮੀ ਦੀ ਉੱਪ ਚੋਣ ਦੀਆਂ ਤਰੀਕਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਇਸ ਵਿਚਾਲੇ ਹੀ ਸਵਾਲ ਇਹ ਬਣਿਆ ਹੋਇਆ ਹੈ ਕਿ ਭਾਜਪਾ ਚੁੱਪ ਕਿਉ ਹੈ ਅਤੇ ਅਜੇ ਤਕ ਪਾਰਟੀ ਨੇ ਉਮੀਦਵਾਰ ਦਾ ਐਲਾਨ ਕਿਉਂ ਨਹੀਂ ਕੀਤਾ ਹੈ। ‘ਆਪ’ ਦੀ ਸੀਨੀਅਰ ਲੀਡਰਸ਼ਿਪ ਅਤੇ ਖਾਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਦੀ ਨਜ਼ਰ ਇਸ ਸੀਟ ’ਤੇ ਹੈ। ਉਹ ਕਿਸੇ ਵੀ ਕੀਮਤ ’ਤੇ ਇਹ ਸੀਟ ਜਿੱਤਣਾ ਚਾਹੁੰਦੇ ਹਨ। ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੀ ਕਮਾਨ ਆਪਣੇ ਹੱਥਾਂ ਵਿੱਚ ਲਈ ਹੋਈ ਹੈ। ਜ਼ਿਆਦਾਤਰ ਦੇਖਣ ਨੂੰ ਮਿਲਿਆ ਹੈ ਕਿ ਜ਼ਿਮਨੀ ਚੋਣ ਸੱਤਾਧਾਰੀ ਪਾਰਟੀ ਹੀ ਜਿੱਤਦੀ ਆਈ ਹੈ ਪਰ ਇਸ ਵਾਰ ਮੁਕਾਬਲਾ ਬਹੁਤ ਦਿਲਚਸਪ ਬਣਦਾ ਨਜ਼ਰ ਆ ਰਿਹਾ ਹੈ ਕਿਉ ਕਿ ਸਾਰੀਆਂ ਹੀ ਪਾਰਟੀਆਂ ਨੇ ਬਹੁਤ ਹੀ ਕਾਬਿਲ ਅਤੇ ਮਜ਼ਬੂਤ ਦਾਅਵੇਦਾਰਾਂ ਨੂੰ ਟਿਕਟ ਦਿੱਤੀ ਹੈ ਇਸ ਲਈ ਇਹ ਦੇਖਣਾ ਹੋਵੇਗਾ ਕਿ ਇਹ ਸੀਟ ਕਿਸਦੀ ਝੋਲੀ ਪੈਂਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























