Punjab: ਸਿੰਘ ਸਹਿਬਾਨਾਂ ਵਲੋਂ ਹਰਵਿੰਦਰ ਸਿੰਘ ਸਰਨਾ ਨੂੰ ਲਗਾਈ ਗਈ ਧਾਰਮਿਕ ਸਜ਼ਾ
– ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਇਆ ਗਿਆ ਫੈਸਲਾ

ਅੰਮ੍ਰਿਤਸਰ, 21 ਮਈ (ਵਿਸ਼ਵ ਵਾਰਤਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ। ਪੰਜ ਸਿੰਘ ਸਹਿਬਾਨਾਂ ਵੱਲੋਂ ਹਰਵਿੰਦਰ ਸਿੰਘ ਸਰਨਾ ਨੂੰ ਗ਼ੈਰ-ਵਾਜਬ ਟਿੱਪਣੀਆਂ ਲਈ ਧਾਰਮਿਕ ਸਜ਼ਾ ਸੁਣਾਈ ਗਈ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਹਨਾਂ ਨੂੰ 11 ਦਿਨ ਹਰ ਰੋਜ਼ ਪੰਜ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਦੋ ਚੋਪਈ ਸਾਹਿਬ ਦੇ ਪਾਠ ਕਰਨ ਦੀ ਤਨਖ਼ਾਹ ਲਗਾਈ। 11 ਦਿਨ ਬਾਅਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣਗੇ।
ਦੱਸ ਦਈਏ ਕਿ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋ ਕੇ ਆਪਣਾ ਪੱਖ ਰੱਖਿਆ ਅਤੇ ਪੁਰਾਣੀ ਬਿਆਨ ਬਾਜ਼ੀ ਲਈ ਮੁਆਫੀ ਮੰਗੀ।
ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਫੈਸਲਾ ਸੁਣਾਉਂਦਿਆਂ ਉਹਨਾਂ ਦੀ ਖਿਮਾ ਯਾਚਨਾ ਪ੍ਰਵਾਨ ਕੀਤੀ ਅਤੇ ਉਹਨਾਂ ਨੂੰ ਅੱਗੇ ਤੋਂ ਸਿੱਖ ਰਹਿਤ ਮਰਿਆਦਾ, ਪੰਥਕ ਰਵਾਇਤਾਂ ਅਨੁਸਾਰ ਸਿੱਖੀ ਦਾ ਪ੍ਰਚਾਰ ਕਰਨ ਦਾ ਹੁਕਮ ਦਿੱਤਾ।
ਇਸ ਦੇ ਨਾਲ ਹੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਪ੍ਰਚਾਰ ’ਤੇ ਲਗਾਈ ਰੋਕ ਹਟਾ ਦਿੱਤੀ ਗਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 501 ਰੁਪਏ ਦੀ ਦੇਗ ਕਰਵਾਉਣ ਦੇ ਹੁਕਮ ਦਿੱਤੇ ਗਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























