Punjab : ਪੰਜ ਪਿਆਰਿਆਂ ਵੱਲੋਂ ਸਿੱਖ ਪੰਥ ਦੇ ਕਈ ਪ੍ਰਮੁੱਖ ਚਿਹਰਿਆਂ ਨੂੰ ਐਲਾਨਿਆ ਗਿਆ ਤਨਖਾਹੀਆ
– 10 ਦਿਨਾਂ ਅੰਦਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ, 21 ਮਈ (ਵਿਸ਼ਵ ਵਾਰਤਾ) (Punjab): ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਹਿਬਾਨਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਧਨੌਲਾ ਨੂੰ ਤਨਖਾਹੀਆ ਐਲਾਨ ਦਿੱਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ 10 ਦਿਨਾਂ ਦੇ ਅੰਦਰ-ਅੰਦਰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ। ਇਨ੍ਹਾਂ ‘ਤੇ ਤਖਤ ਪਟਨਾ ਸਾਹਿਬ ਦੀ ਮਰਿਆਦਾ, ਪਰੰਪਰਾ ਅਤੇ ਮਾਨ- ਸਨਮਾਨ ਨੂੰ ਠੇਸ ਪਹੁੰਚਾਉਣ ਦੇ ਗੰਭੀਰ ਇਲਜ਼ਾਮ ਲੱਗੇ ਹਨ।

ਦੱਸ ਦਈਏ ਕਿ ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਤੇ ਉਹਨਾਂ ਨੂੰ ਪੰਥ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣ ਵਾਸਤੇ ਹੁਕਮ ਦਿੱਤਾ ਗਿਆ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਗਿਆਨੀ ਰਣਜੀਤ ਸਿੰਘ ਗੌਹਰ ਵਿਰੁੱਧ ਦੋਸ਼ ਸਹੀ ਸਾਬਤ ਨਹੀਂ ਹੋਏ, ਇਸ ਲਈ ਉਨ੍ਹਾਂ ਦੀਆਂ ਸਾਰੀਆਂ ਸੇਵਾਵਾਂ ਬਹਾਲ ਕੀਤੀਆਂ ਜਾਂਦੀਆਂ ਹਨ।

ਇਸ ਤੋਂ ਬਾਅਦ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਰੱਦ ਕਰ ਦਿੱਤਾ ਅਤੇ ਪੰਜ ਪਿਆਰਿਆਂ ਵੱਲੋਂ ਹੁਕਮਨਾਮਾ ਜਾਰੀ ਕੀਤਾ ਗਿਆ। ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮਨਾਮਾ ਜਾਰੀ ਕਰਦਿਆਂ ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਵੀ ਆਦੇਸ਼ ਦਿੱਤਾ ਗਿਆ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਤੇ ਆਪੋਧਾਪੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਵਲੋਂ ਅੱਜ ਜਾਰੀ ਕੀਤੇ ਗਏ ਮਤੇ ਜਿਸ ਰਾਹੀਂ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖਤ ਸਾਹਿਬ ਤਲਬ ਕੀਤਾ ਗਿਆ ਹੈ, ਇਸ ਹੁਕਮ ਨੂੰ ਮੰਨਣ ਤੋਂ ਸਖਤ ਮਨ੍ਹਾ ਕੀਤਾ ਜਾਂਦਾ ਹੈ ਅਤੇ ਰੋਕ ਲਾਈ ਜਾਂਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























