Punjab ਰਮਨ ਅਰੋੜਾ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

ਜਲੰਧਰ, 24 ਮਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਟੀਮ ਨੇ ਅਦਾਲਤ ਵਿੱਚ ਪੇਸ਼ ਕੀਤਾ। ਪਹਿਲਾਂ ਅਰੋੜਾ ਨੂੰ ਸਵੇਰੇ 11 ਵਜੇ ਪੇਸ਼ ਕੀਤਾ ਜਾਣਾ ਸੀ, ਪਰ ਅਜਿਹਾ ਨਹੀਂ ਹੋ ਸਕਿਆ। ਉਸਨੂੰ ਦੁਪਹਿਰ ਤਿੰਨ ਵਜੇ ਦੇ ਕਰੀਬ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਮਨ ਅਰੋੜਾ ਦਾ ਵਿਜੀਲੈਂਸ ਨੇ ਪੰਜ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ।ਵਿਜੀਲੈਂਸ ਵਲੋਂ ਅਦਾਲਤ ਕੋਲੋਂ 10 ਦਿਨ ਦਾ ਰਿਮਾਂਡ ਮੰਗਿਆ ਗਿਆ ਪਰ ਅਦਾਲਤ ਨੇ ਪੰਜ ਦਿਨ ਦਾ ਰਿਮਾਂਡ ਦਿੱਤੇ ਜਾਣ ਦਾ ਹੁਕਮ ਦਿੱਤਾ ਹੈ।
ਦੱਸ ਦੇਈਏ ਕਿ ਵਿਜੀਲੈਂਸ ਟੀਮ ਵੱਲੋਂ ਬੀਤੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਰਮਨ ਅਰੋੜਾ ਦੇ ਅਸ਼ੋਕ ਨਗਰ ਸਥਿਤ ਘਰ ਰੇਡ ਕੀਤੀ ਗਈ ਸੀ। ਵਿਜੀਲੈਂਸ ਟੀਮ ਲਗਭਗ 6 ਘੰਟੇ ਤੱਕ ਰਮਨ ਅਰੋੜਾ ਦੇ ਘਰ ਦੀ ਤਲਾਸ਼ੀ ਲੈਂਦੀ ਰਹੀ। ਠੋਸ ਸਬੂਤ ਮਿਲਣ ਤੋਂ ਬਾਅਦ ‘ਆਪ’ ਵਿਧਾਇਕ ਨੂੰ ਗਿਰਫ਼ਤਾਰ ਕਰ ਲਿਆ ਗਿਆ ।
ਇਸ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਵਾਈ ਨੇ ਇਕ ਵਾਰ ਫੇਰ ਇਹ ਸਿੱਧ ਕਰ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਆਪਣੇ-ਬਿਗਾਨੇ ਦਾ ਕੋਈ ਫਰਕ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਕਿਸੇ ਸੱਤਾਧਾਰੀ ਪਾਰਟੀ ਦਾ ਹਿੱਸਾ ਹੋਣਾ ਜਾਂ ਵਿਰੋਧੀ ਧਿਰ ਨਾਲ ਜੁੜੇ ਹੋਣ ਨਾਲ ਕਿਸੇ ਅਫਸਰ ਜਾਂ ਲੀਡਰ ਨੂੰ ਭ੍ਰਿਸ਼ਟਾਚਾਰ ਕਰਨ ਦਾ ਲਾਇਸੰਸ ਨਹੀਂ ਮਿਲ ਜਾਂਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਲੋਕਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਪਾਪ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























