Punjab : ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਤੇ ਸੁਖਬੀਰ ਸਿੰਘ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
“ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦਿਲ ਨੂੰ ਗਹਿਰਾ ਦੁੱਖ ਹੋਇਆ “- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ

ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ (Punjab) ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਬੁੱਧਵਾਰ ਸ਼ਾਮ 5 ਵਜੇ ਆਖਰੀ ਸਾਹ ਲਏ। ਢੀਂਡਸਾ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉੱਥੇ ਹੀ ਉਨ੍ਹਾਂ ਨੇ ਆਖਰੀ ਸਾਹ ਲਏ ।ਉਨ੍ਹਾਂ ਦੇ ਦਿਹਾਂਤ ਦੀ ਦੁਖਦਾਈ ਖ਼ਬਰ ਨਾਲ ਪੰਜਾਬ ਦੀ ਸਿਆਸਤ ਵਿੱਚ ਸੋਗ ਦੀ ਡੂੰਘੀ ਲਹਿਰ ਦੌੜ ਗਈ ਹੈ।
ਸੁਖਦੇਵ ਸਿੰਘ ਜੀ ਢੀਂਡਸਾ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ “ਸੁਖਦੇਵ ਸਿੰਘ ਜੀ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























