Amritsar ਆਪਰੇਸ਼ਨ ਬਲੂ ਸਟਾਰ ਦੀ 41 ਵੀਂ ਬਰਸੀ
– ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਗੜਗੱਜ ਵਲੋਂ ਅਰਦਾਸ

ਅੰਮ੍ਰਿਤਸਰ, 6 ਜੂਨ (ਵਿਸ਼ਵ ਵਾਰਤਾ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Amritsar) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ’ਚ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਹਰਨਾਮ ਸਿੰਘ ਖ਼ਾਲਸਾ ਸਮੇਤ ਵੱਖ ਵੱਖ ਸ਼ਖ਼ਸੀਅਤਾਂ, ਸਿੱਖ ਰਾਜਨੀਤਿਕ ਅਤੇ ਧਾਰਮਿਕ ਸੰਗਠਨਾਂ ਦੇ ਆਗੂ, ਸਿੱਖ ਸੰਗਠਨ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਰਹੇ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਪ੍ਰੋਗਰਾਮ ਵਿੱਚ ਪਹੁੰਚੇ ਹਨ। ਮਾਨ ਦੇ ਪਹੁੰਚਦੇ ਹੀ ਉਨ੍ਹਾਂ ਦੇ ਸਮਰਥਕਾਂ ਨੇ ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਸ਼ਹੀਦ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਗੇ। ਅੱਜ ਅੰਮ੍ਰਿਤਸਰ ਦੇ ਬਾਜ਼ਾਰ ਬੰਦ ਹਨ। ਵੱਡੀ ਗਿਣਤੀ ਚ ਪੁਲਿਸ ਤਾਇਨਾਤ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















