Punjab: ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਗ੍ਰਿਫਤਾਰ
– ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ ਸ਼੍ਰੋਮਣੀ ਅਕਾਲੀ ਦਲ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਵਿਜੀਲੈਂਸ ਦੀ ਟੀਮ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਹੈ। ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ, ਵਿਜੀਲੈਂਸ ਟੀਮ ਮਜੀਠੀਆ ਨੂੰ ਮੋਹਾਲੀ ਲੈ ਗਈ। ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਅੱਜ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ। ਵਿਜੀਲੈਂਸ ਵੱਲੋਂ ਅੱਜ ਸਵੇਰ ਤੋਂ ਹੀ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸੈਕਟਰ-4 ਵਿਖੇ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ। ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਇੱਕ ਟੀਮ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ। ਵਿਜੀਲੈਂਸ ਵੱਲੋਂ ਛਾਪੇਮਾਰੀ ਦੇ ਵਿਰੋਧ ਚ ਅਕਾਲੀ ਆਗੂਆਂ ਵੱਲੋਂ ਅੰਮ੍ਰਿਤਸਰ ਚ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ
ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੇ ਘਰ ਰੇਡ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਬੁਖਲਾਹਟ ਦਰਸਾਉਂਦੀ ਹੈ। ਅੱਜ ਸਵੇਰੇ ਮੇਰੇ ਗ੍ਰਹਿ ਵਿਖੇ ਵਿਜੀਲੈਂਸ ਧੱਕੇ ਨਾਲ ਦਾਖਲ ਹੋਈ ਅਤੇ ਪ੍ਰੈਸ ਨੂੰ ਅੰਦਰ ਨਹੀਂ ਆਉਣ ਦਿੱਤਾ ਗਿਆ ਅਤੇ ਵਕੀਲਾਂ ਨੂੰ ਵੀ ਧੱਕੇ ਮਾਰੇ ਗਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ। ਭਗਵੰਤ ਮਾਨ ਜੀ ਤੁਹਾਡੀਆਂ ਧਮਕੀਆਂ ਮੈਨੂੰ ਚੁੱਪ ਨਹੀਂ ਕਰਵਾ ਸਕਦੀਆਂ। ਪੰਜਾਬ ਅਤੇ ਪੰਜਾਬੀਆਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦਾ ਰਹਾਂਗਾ।
ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਕਿ “ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ । ਅਸੀਂ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਲੋਕਾਂ ਦੀ ਆਵਾਜ਼ ਨੂੰ ਉਭਾਰਨ ਦੇ ਯਤਨਾਂ ਨੂੰ ਦਬਾਉਣ ਲਈ ਰਾਜ ਏਜੰਸੀਆਂ ਦੀ ਦੁਰਵਰਤੋਂ ਕਰਕੇ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੇ ਨਹੀਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























