Latest News: ਡਿਪਟੀ ਕਮਿਸ਼ਨਰ ਵੱਲੋਂ ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 25 ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ
ਸੰਗਤ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ
ਵੇਈਂ ਕੰਢੇ ਲਾਇਟਾਂ ਲਗਾਉਣ ਤੇ ਗਸ਼ਤ ਵਧਾਉਣ ਦੇ ਨਿਰਦੇਸ਼
13 ਤੋਂ 16 ਜੁਲਾਈ ਤੱਕ ਹੋਣਗੇ ਸਮਾਗਮ
ਕਪੂਰਥਲਾ, 9 ਜੁਲਾਈ (ਵਿਸ਼ਵ ਵਾਰਤਾ):- ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 25 ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਇਜ਼ਾ ਲਿਆ ਗਿਆ ।
ਦੱਸਣਯੋਗ ਹੈ ਕਿ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਦੀ ਕਾਰ ਸੇਵਾ ਰਾਹੀਂ ਨੁਹਾਰ ਬਦਲਣ ਦੇ 25 ਸਾਲ ਪੂਰੇ ਹੋਣ ਮੌਕੇ 13 ਤੋਂ 16 ਜੁਲਾਈ ਤੱਕ ਗੁਰਦੁਆਰਾ ਗੁਰ ਪ੍ਰਕਾਸ਼ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ , ਜਿਸ ਵਿੱਚ ਵਾਤਾਵਰਣ ਸਬੰਧੀ ਸੈਮੀਨਾਰ , ਕਵੀ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ ।
ਸ੍ਰੀ ਪੰਚਾਲ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਆਵਾਜਾਈ, ਪਾਰਕਿੰਗ, ਪੀਣ ਵਾਲੇ ਪਾਣੀ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ । ਉਨ੍ਹਾਂ ਕਿਹਾ ਕਿ ਪਵਿੱਤਰ ਵੇਈਂ ਕੰਢੇ ਲਾਇਟਾਂ ਨੂੰ ਚਾਲੂ ਹਾਲਤ ਵਿਚ ਲਿਆਂਦਾ ਜਾਵੇ ਤੇ ਪੁਲਿਸ ਵਲੋਂ ਗਸ਼ਤ ਵਧਾਈ ਜਾਵੇ ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਮੌਕੇ ਵਾਤਾਵਰਨ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ ਤੇ ਬੂਟਿਆਂ ਦਾ ਲੰਗਰ ਵੀ ਲਗਾਇਆ ਜਾਵੇਗਾ ।
ਵੱਡੀ ਗਿਣਤੀ ਵਿੱਚ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਮੈਡੀਕਲ ਟੀਮਾਂ ਨੂੰ ਤਾਇਨਾਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ।
ਡਿਪਟੀ ਕਮਿਸ਼ਨਰ ਨੇ ਐਸ ਡੀ ਐਮ ਸੁਲਤਾਨਪੁਰ ਲੋਧੀ ਨੂੰ ਸਾਰੇ ਪ੍ਰਬੰਧਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਐਸ ਡੀ ਐਮ ਅਲਕਾ ਕਾਲੀਆ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ , ਸਿਵਲ ਸਰਜਨ ਡਾ ਹਰਪਾਲ ਸਿੰਘ , ਸੰਤ ਬਾਬਾ ਬਲਬੀਰ ਸਿੰਘ ਦੇ ਨਿੱਜੀ ਸਕੱਤਰ ਪਾਲ ਸਿੰਘ ਨੌਲੀ , ਬਿਜਲੀ ਬੋਰਡ , ਵਾਟਰ ਸਪਲਾਈ , ਮੰਡੀ ਬੋਰਡ , ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ ।























