Punjab : ਅਬੋਹਰ ਪੁੱਜੇ CM ਮਾਨ ਤੇ ਕੇਜਰੀਵਾਲ
– ਕੱਪੜਾ ਵਪਾਰੀ ਸੰਜੇ ਵਰਮਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਬੋਹਰ, 1 ਅਗਸਤ (ਵਿਸ਼ਵ ਵਾਰਤਾ): ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅਬੋਹਰ ਵਿਖੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਵੰਡਿਆ। ਮੁੱਖ ਮੰਤਰੀ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਸਾਰੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਸੰਜੇ ਵਰਮਾ ਦੇ ਭਰਾ ਨੇ ਪੰਜਾਬ ਪੁਲਿਸ ਦੀ ਤੇਜ਼ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਦੋ ਗੈਂਗਸਟਰਾਂ ਨੂੰ ਮਾਰ ਦਿੱਤਾ, ਜਿਸ ਨਾਲ ਪਰਿਵਾਰ ਨੂੰ ਕੁਝ ਰਾਹਤ ਮਿਲੀ ਹੈ।
ਦੱਸ ਦਈਏ ਕਿ ਬੀਤੀ 8 ਜੁਲਾਈ ਨੂੰ ਫਾਜ਼ਿਲਕਾ ਦੇ ਅਬੋਹਰ ਵਿਖੇ ਨਿਊ ਵੇਅਰਵੈੱਲ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਫਾਜ਼ਿਲਕਾ ਪੁਲਿਸ ਨੇ ਸੰਜੇ ਵਰਮਾ ਕਤਲ ਕੇਸ ਵਿੱਚ ਸ਼ਾਮਲ ਦੋ ਗੈਂਗਸਟਰਾਂ ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ। ਪੁਲਿਸ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਕੇ ਗਈ ਸੀ, ਜਦੋਂ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਦੋਵੇਂ ਮੁਲਜ਼ਮ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ। ਇਸ ਮੁਕਾਬਲੇ ਵਿੱਚ ਇੱਕ ਹੈੱਡ ਕਾਂਸਟੇਬਲ ਵੀ ਜ਼ਖਮੀ ਹੋ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























