ਪੰਚਕੂਲਾ, 11 ਜਨਵਰੀ – ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿਚ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਸਮੇਤ 4 ਲੋਕ ਦੋਸ਼ੀ ਕਰਾਰ ਦਿੱਤੇ ਗਏ ਹਨ। ਡੇਰਾ ਮੁਖੀ ਦੀ ਅੱਜ ਪੰਚਕੂਲਾ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਦੁਆਰਾ ਪੇਸ਼ੀ ਹੋਈ, ਜਿਸ ਵਿਚ ਉਹਨਾਂ ਨੂੰ 16 ਸਾਲ ਪੁਰਾਣੇ ਇਸ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ।
ਦੋਸ਼ੀਆਂ ਨੂੰ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਡੇਰਾ ਮੁਖੀ ਤੋਂ ਇਲਾਵਾ ਕੁਲਦੀਪ, ਨਿਰਮਲ ਅਤੇ ਕਿਸ਼ਨ ਨੂੰ ਇਸ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਪੰਜਾਬ ਅਤੇ ਹਰਿਆਣਾ ਵਿਚ ਐਲਰਟ
ਇਸ ਦੌਰਾਨ ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਵਿਚ ਸਖਤ ਸੁਰੱਖਿਆ ਵਿਵਸਥਾ ਕੀਤੀ ਗਈ। ਸਿਰਸਾ ਅਤੇ ਪੰਚਕੂਲਾ ਵਿਚ ਧਾਰਾ 144 ਲਾਗੂ ਕੀਤੀ ਗਈ।
ਬਠਿੰਡਾ, ਮੋਗਾ ਅਤੇ ਪੰਜਾਬ ਦੇ ਹੋਰਨਾਂ ਇਲਾਕਿਆਂ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ ਅਤੇ ਨਾਮ ਚਰਚਾ ਘਰਾਂ ਦੀ ਚੌਕਸੀ ਵੀ ਵਧਾ ਦਿੱਤੀ ਗਈ ਹੈ।