ਚੰਡੀਗਡ੍ਹ, 11 ਜਨਵਰੀ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਕਾਲਝਰਾਨੀ, ਜਿਲਾ ਬਠਿੰਡਾ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਸੁਖਦੇਵ ਸਿੰਘ, ਮਾਲ ਹਲਕਾ ਕਾਲਝਰਾਨੀ, ਬਠਿੰਡਾ ਨੂੰ ਜਸਵੀਰ ਸਿੰਘ, ਵਾਸੀ ਕਾਲਝਰਾਨੀ, ਜਿਲਾ ਬਠਿੰਡਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋ ਰੰਗੇ ਹੱਕੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਜਮੀਨ ਦਾ ਤਬਾਦਲਾ ਸਬੰਧੀ ਦਸਤਾਵੇਜ ਦਾ ਇੰਤਕਾਲ ਦਰਜ ਕਰਨ ਬਦਲੇ ਪਟਵਾਰੀ ਅਤੇ ਉਸ ਦੇ ਏਜੰਟ ਰਣਜੀਤ ਸਿੰਘ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਏਜੰਟ ਉਸ ਕੋਲੋਂ 2,000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁੱਜੀ ਕਿਸ਼ਤ ਦੇ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਵਾਰੀ ਅਤੇ ਏਜੰਟ ਖਿਲਾਫ਼ ਵਿਜੀਲੈਂਸ ਬਿਓਰੇ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।