Punjab : ਤਰਨਤਾਰਨ ’ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, AGTF ਨੇ IED ਕੀਤਾ ਬਰਾਮਦ

ਤਰਨਤਾਰਨ, 7 ਅਗਸਤ 2025 (ਵਿਹਵ ਵਾਰਤਾ): ਤਰਨਤਾਰਨ (Punjab) ’ਚ 15 ਅਗਸਤ ਤੋਂ ਪਹਿਲਾਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਵੱਲੋਂ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਕੀਤੀ ਗਈ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਵੱਲੋਂ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ, ਪਾਕਿਸਤਾਨ ਆਈ.ਐੱਸ.ਆਈ. ਦੀ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਿਵ ਹਰਵਿੰਦਰ ਰਿੰਦਾ ਅਤੇ ਅੱਤਵਾਦੀ ਲਖਬੀਰ ਉਰਫ ਲੰਡਾ ਦੁਆਰਾ ਰਚੀ ਗਈ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਗਿਆ ਹੈ।
ਪੰਜਾਬ ਡੀਜੀਪੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ “ਭਰੋਸੇਯੋਗ ਮਨੁੱਖੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਤਰਨ ਤਾਰਨ ਪੁਲਿਸ ਨਾਲ ਮਿਲ ਕੇ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਤਰਨ ਤਾਰਨ ਵਿੱਚ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕੀਤਾ, ਜਿਸਨੂੰ ਹਰਵਿੰਦਰ ਉਰਫ਼ ਰਿੰਦਾ ਦੇ ਸਾਥੀਆਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਆਈ.ਈ.ਡੀ. ਨੂੰ ਨਿਯੰਤਰਿਤ ਢੰਗ ਨਾਲ ਨਸ਼ਟ ਕਰਨ ਲਈ ਸਾਵਧਾਨੀ ਵਰਤਦਿਆਂ ਸੁਰੱਖਿਅਤ ਥਾਂ ‘ਤੇ ਲਿਜਾਇਆ ਗਿਆ। ਵਿਸ਼ਫੋਟਕ ਸਮੱਗਰੀ ਨੂੰ ਨਸ਼ਟ ਕਰਨ ਲਈ ਵਿਸਫੋਟਕ ਆਰਡੀਨੈਂਸ ਡਿਸਪੋਜ਼ਲ (EOD) ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਸਾਂਝੇ ਯਤਨਾਂ ਨਾਲ IED ਨੂੰ ਸੁਰੱਖਿਅਤ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ। ਤਰਨ ਤਾਰਨ ਦੇ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਵਿਸਫੋਟਕ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























