Supreme Court :ਆਵਾਰਾ ਕੁੱਤਿਆਂ ਦੇ ‘ਆਤੰਕ’ ‘ਤੇ ਸੁਪਰੀਮ ਕੋਰਟ ਵੱਲੋਂ ਸਖਤ ਹੁਕਮ ਜਾਰੀ
– ਰੁਕਾਵਟ ਪਾਉਣ ਵਾਲਿਆਂ ਵਿਰੁੱਧ ਵੀ ਹੋਵੇਗੀ ਕਾਰਵਾਈ
ਨਵੀ ਦਿੱਲੀ; 11 ਅਗਸਤ 2025 (ਵਿਸ਼ਵ ਵਾਰਤਾ): ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਕੁੱਤਿਆਂ ਦੇ ਕੱਟਣ ਦੀਆਂ ਵਧਦੀਆਂ ਘਟਨਾਵਾਂ ਦਾ ਖੁਦ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਦਿੱਲੀ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਨੂੰ “ਬਹੁਤ ਗੰਭੀਰ” ਕਰਾਰ ਦਿੰਦਿਆਂ ਦਿੱਲੀ ਸਰਕਾਰ ਅਤੇ ਨਗਰ ਨਿਗਮਾਂ ਨੂੰ ਸਾਰੇ ਖੇਤਰਾਂ ਵਿੱਚੋਂ ਸਾਰੇ ਆਵਾਰਾ ਕੁੱਤਿਆਂ ਨੂੰ ਤੁਰੰਤ ਫੜਨ ਦੇ ਨਿਰਦੇਸ਼ ਦਿੱਤੇ।
ਦਿੱਲੀ-ਐਨਸੀਆਰ ਵਿੱਚ ਆਵਾਰਾ ਕੁੱਤਿਆਂ ਦੇ ਵਧਦੇ ਹਮਲਿਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ 8 ਹਫ਼ਤਿਆਂ ਦੇ ਅੰਦਰ ਸਾਰੇ ਆਵਾਰਾ ਕੁੱਤਿਆਂ ਨੂੰ ਫੜ ਕੇ ਡੌਗ ਸ਼ੈਲਟਰ ਵਿੱਚ ਸ਼ਿਫਟ ਕਰ ਦਿੱਤਾ ਜਾਵੇ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਸੰਗਠਨ ਕੁੱਤਿਆਂ ਨੂੰ ਫੜਨ ਵਿੱਚ ਰੁਕਾਵਟ ਪੈਦਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹੁਣ ਲਈ ਸਾਰੇ ਨਿਯਮਾਂ ਨੂੰ ਭੁੱਲ ਜਾਓ। ਸਾਨੂੰ ਸਾਰੇ ਖੇਤਰਾਂ ਤੋਂ ਆਵਾਰਾ ਕੁੱਤਿਆਂ ਨੂੰ ਫੜਨਾ ਪਵੇਗਾ। ਇਹ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ ਕਿ ਬੱਚੇ, ਔਰਤਾਂ ਅਤੇ ਬਜ਼ੁਰਗ ਸੜਕਾਂ ‘ਤੇ ਸੁਰੱਖਿਅਤ ਰਹਿਣ ਅਤੇ ਰੇਬੀਜ਼ ਦਾ ਖ਼ਤਰਾ ਨਾ ਹੋਵੇ।
ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਫੜੇ ਗਏ ਕੁੱਤਿਆਂ ਨੂੰ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਹੀ ਇਲਾਕਿਆਂ ਵਿੱਚ ਵਾਪਸ ਨਹੀਂ ਛੱਡਿਆ ਜਾਵੇਗਾ। ਇਸ ਹੁਕਮ ਦਾ ਉਦੇਸ਼ ਰਾਸ਼ਟਰੀ ਰਾਜਧਾਨੀ ਨੂੰ ਆਵਾਰਾ ਕੁੱਤਿਆਂ ਤੋਂ ਮੁਕਤ ਬਣਾਉਣਾ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ, ਐਮਸੀਡੀ ਅਤੇ ਐਨਡੀਐਮਸੀ ਨੂੰ 8 ਹਫ਼ਤਿਆਂ ਦੇ ਅੰਦਰ ਲਗਭਗ 5000 ਕੁੱਤਿਆਂ ਲਈ ਸ਼ੈਲਟਰ ਹੋਮ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਨ੍ਹਾਂ ਸ਼ੈਲਟਰ ਹੋਮ ਵਿੱਚ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਲੋੜੀਂਦਾ ਸਟਾਫ ਹੋਣਾ ਚਾਹੀਦਾ ਹੈ।






















