Punjab : ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ
– ਕੈਬਨਿਟ ਮੰਤਰੀ ਕਟਾਰੂਚੱਕ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
– ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਕੀਤਾ ਗਿਆ ਸਨਮਾਨਿਤ
ਤਰਨ ਤਾਰਨ, 15 ਅਗਸਤ (ਵਿਸ਼ਵ ਵਾਰਤਾ): ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ (Punjab) ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਚੰਦ ਕਟਾਰੂਚੱਕ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ। ਇਸ ਮੌਕੇ ਮੁੱਖ ਪਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ. ਏ. ਐੱਸ. ਡੀ. ਆਈ. ਜੀ. ਰਾਜਪਾਲ ਸਿੰਘ ਸੰਧੂ, ਐੱਸ. ਐੱਸ. ਪੀ. ਤਰਨ ਤਾਰਨ ਦੀਪਕ ਪਾਰਿਕ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਲਾਲਚੰਦ ਕਟਾਰੂਚੱਕ ਖੁਰਾਕ ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਤਰਨ ਤਾਰਨ ਦੀ ਇਸ ਇਤਿਹਾਸਕ ਅਤੇ ਧਾਰਮਿਕ ਧਰਤੀ ’ਤੇ ਅੱਜ ਅਸੀਂ ਦੇਸ਼ ਦੀ ਆਜ਼ਾਦੀ ਦਾ 79ਵਾਂ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਸ. ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ। ਇਸ ਤੋਂ ਇਲਾਵਾ ਸਾਡੀ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ ।
ਉਹਨਾਂ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡਾ, ਮੋਹਾਲੀ ਦਾ ਨਾਮ ਸ਼ਹੀਦ ਸ. ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਵੀ ਸਥਾਪਿਤ ਕੀਤਾ ਹੈ। ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।
ਉਹਨਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਨੂੰ ਫਰਵਰੀ 2024 ਵਿੱਚ ਪੀ. ਐੱਸ. ਪੀ. ਸੀ. ਐੱਲ. ਵੱਲੋਂ ਅਧਿਗ੍ਰਹਿਣ ਕਰਨ ਤੋਂ ਬਾਅਦ, ਜੂਨ 2025 ਵਿੱਚ ਪਲਾਂਟ ਲੋਡ ਫੈਕਟਰ ਲਗਭਗ 78% ਤੱਕ ਪਹੁੰਚ ਗਿਆ। ਅਪ੍ਰੈਲ 2022 ਤੋਂ ਟਰਾਂਸਮਿਸ਼ਨ ਸਮਰੱਥਾ (ਏ. ਟੀ. ਸੀ./ਟੀ. ਟੀ. ਸੀ.) 7400/8000 ਮੈਗਾਵਾਟ ਤੋਂ ਵਧਾ ਕੇ 10400/10900 ਮੈਗਾਵਾਟ ਕਰ ਦਿੱਤੀ ਗਈ ਹੈ, ਜਿਸ ਨਾਲ ਰਾਸ਼ਟਰੀ ਗਰਿੱਡ ਤੋਂ ਬਿਜਲੀ ਦੀ ਦਰਾਮਦ ਵਿੱਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ 90% ਤੱਕ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਮਿਲ ਰਹੇ ਹਨ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਅਤੇ ਏ. ਡੀ. ਜੀ. ਪੀ., ਐੱਨ. ਆਰ. ਆਈ. ਵਿੰਗ ਨੂੰ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਐਨ. ਆਰ. ਆਈਜ਼ ਨੂੰ ਆਪਣੀਆਂ ਸਮੱਸਿਆਵਾਂ ਲਈ ਵੱਟਸਅੱਪ ਨੰਬਰ 90560-09884 ਜਾਰੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਹੁਣ ਤੱਕ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਹੈ। ਛੇਤੀ ਹੀ ਸ਼ੁਰੂ ਹੋਣ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪੰਜਾਬ ਵਾਸੀ ਨੂੰ 10 ਲੱਖ ਰੁਪਏ ਦੀ ਬੀਮਾ ਸਹੂਲਤ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਹਸਪਤਾਲ ਵਿੱਚ 16 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਕਰੀਟੀਕਲ ਕੇਅਰ ਬਲਾਕ/ਟਰੌਮਾਂ ਸੈਂਟਰ ਇਸ ਸਾਲ ਦੇ ਅੰਤ ਵਿੱਚ ਆਮ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਬ ਡਵੀਜ਼ਨ ਹਸਪਤਾਲ, ਪੱਟੀ ਵਿਖੇ 07 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦੀ ਇਮਾਰਤ ਲੱਗਭੱਗ ਮੁਕੰਮਲ ਹੈ ਅਤੇ 30 ਬੈੱਡਾਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਜਲਦੀ ਹੀ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਭੇਂਟ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਖੇਮਕਰਨ ਵਿੱਚ, ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਪੁਰਖਿਆ ਦੇ ਪਿੰਡ ਨਾਰਲੀ ਵਿਖੇ ਨੇਚਰ ਪਾਰਕ ਬਣਾਉਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























