Punjab : ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
– ਜ਼ਮੀਨੀ ਹਾਲਾਤਾਂ ਦਾ ਲਿਆ ਜਾਇਜ਼ਾ
ਪੱਟੀ, 16 ਅਗਸਤ 2025 (ਵਿਸ਼ਵ ਵਾਰਤਾ): ਪਿਛਲੇ ਕੁਝ ਦਿਨਾਂ ਤੋਂ ਬਿਆਸ ਅਤੇ ਸਤਲੁਜ ਦੇ ਪਾਣੀ (Punjab) ਦਾ ਪੱਧਰ ਵੱਧ ਰਿਹਾ ਹੈ। ਇਸ ਕਾਰਨ ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਪਟਿਆਲਾ ਆਦਿ ਜ਼ਿਲ੍ਹਿਆਂ ਦੇ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਪੰਜਾਬ ਦੇ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਜ਼ਮੀਨੀ ਹਾਲਾਤਾਂ ਦਾ ਜਾਇਜ਼ਾ ਲਿਆ।

ਉਹਨਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਹਰ ਪੱਖ ਤੋਂ ਇਲਾਕਾ ਵਾਸੀਆਂ ਦੇ ਨਾਲ਼ ਹੈ ਅਤੇ ਸਰਕਾਰ ਵੱਲੋਂ ਦਿੱਤੀ ਜਾਣ ਵਾਲ਼ੀ ਮਦਦ ਦੇ ਨਾਲ਼-ਨਾਲ਼ ਉਹ ਆਪਣੇ ਵੱਲੋਂ ਨਿੱਜੀ ਤੌਰ ‘ਤੇ ਵੀ ਲੋਕਾਂ ਦੀ ਹਰ ਤਰ੍ਹਾਂ ਸਹਾਇਤਾ ਕਰਨਗੇ। ਇਸ ਦੌਰਾਨ ਉਨ੍ਹਾਂ ਪਿੰਡ ਰਾਮ ਸਿੰਘ ਵਾਲਾ ਦਾ ਵੀ ਦੌਰਾ ਕੀਤਾ, ਜਿੱਥੇ ਧੁੱਸੀ ਬੰਨ੍ਹ ਟੁੱਟਣ ਕਾਰਨ ਪਾਣੀ ਪਿੰਡਾਂ ਅਤੇ ਖੇਤਾਂ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਜਲਦ ਕੀਤਾ ਜਾਵੇਗਾ।

ਇਸ ਦੌਰਾਨ ਮੰਤਰੀ ਭੁੱਲਰ ਨੇ ਕਿਹਾ ਕਿ ਜਦੋਂ ਝੋਨਾ ਲਾਉਣ ਦਾ ਸੀਜ਼ਨ ਆਉਂਦਾ ਹੈ ਅਤੇ ਸਾਨੂੰ ਪਾਣੀ ਦੀ ਲੋੜ ਹੁੰਦੀ ਹੈ, ਤਾਂ ਹਰਿਆਣਾ ਸਾਡੇ ਤੋਂ ਪਾਣੀ ਮੰਗਣਾ ਸ਼ੁਰੂ ਕਰ ਦਿੰਦਾ ਹੈ। ਹੁਣ ਜਦੋਂ ਹਿਮਾਚਲ ਵਿੱਚ ਮੀਂਹ ਪੈ ਰਿਹਾ ਹੈ ਅਤੇ ਸਾਡੇ ਖੇਤ ਪਾਣੀ ਵਿੱਚ ਡੁੱਬ ਰਹੇ ਹਨ, ਤਾਂ ਕੇਂਦਰ ਸਰਕਾਰ ਨੂੰ ਹਰ ਕਿਸਾਨ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























