Amritsar : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕੰਮਾਂ ਲਈ 32 ਲੱਖ ਰੁਪਏ ਦੀ ਗਰਾਂਟ ਰਾਸ਼ੀ ਜਾਰੀ
ਅੰਮ੍ਰਿਤਸਰ, 20 ਅਗਸਤ 2025 (ਵਿਸ਼ਵ ਵਾਰਤਾ): ਅੰਮ੍ਰਿਤਸਰ (Amritsar)ਸ਼ਹਿਰ ਦਾ ਖਾਨਕੋਟ ਇਲਾਕਾ ਜਿੱਥੇ ਬੀਤੀ ਦਿਨੀਂ ਦੂਸ਼ਿਤ ਪਾਣੀ ਪੀਣ ਕਾਰਨ ਲੋਕਾਂ ਦੇ ਬਿਮਾਰ ਹੋਣ ਦੀ ਸਮੱਸਿਆ ਆਈ ਸੀ, ਦੇ ਇਲਾਕੇ ਵਿੱਚ ਲੋਕਾਂ ਦਾ ਹਾਲ ਚਾਲ ਪੁੱਛਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਖਾਨਕੋਟ ਇਲਾਕੇ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ।
ਉਹਨਾਂ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲੈਂਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਘਰ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹਈਆ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਪੀਣ ਵਾਲੇ ਪਾਣੀ ਵਿੱਚ ਦੂਸ਼ਿਤ ਪਾਣੀ ਮਿਲਣ ਕਾਰਨ ਇਹ ਸਮੱਸਿਆ ਆਈ ਹੈ ਅਤੇ ਡਿਪਟੀ ਕਮਿਸ਼ਨਰ (Amritsar) ਸਾਕਸ਼ੀ ਸਾਹਨੀ ਸਾਨੀ ਨੇ 18 ਅਗਸਤ ਨੂੰ ਇਸ ਘਟਨਾ ਉਪਰੰਤ ਇਲਾਕੇ ਦਾ ਦੌਰਾ ਕਰਕੇ ਇਸ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਾਂਚ ਉਪਰੰਤ ਜੋ ਵੀ ਅਧਿਕਾਰੀ ਦੋਸ਼ੀ ਪਾਇਆ ਗਿਆ ਉਸ ਉੱਤੇ ਕਾਰਵਾਈ ਹੋਵੇਗੀ। ਉਹਨਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਇਲਾਕੇ ਦੇ ਵਿੱਚ ਵਿਕਾਸ ਕੰਮ ਕਰਵਾਉਣ ਲਈ 32 ਲੱਖ ਰੁਪਏ ਦੀ ਗਰਾਂਟ ਰਾਸ਼ੀ ਵੀ ਜਾਰੀ ਕੀਤੀ। ਉਨਾਂ ਪਾਣੀ ਅਤੇ ਸਾਫ ਸਫਾਈ ਲਈ ਇਕ ਮਹੀਨੇ ਦਾ ਅਲਟੀਮੇਟਮ ਦਿੰਦੇ ਹੋਏ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਇੱਕ ਮਹੀਨੇ ਬਾਅਦ ਫਿਰ ਖਾਨਕੋਟ ਦਾ ਦੌਰਾ ਕਰਨਗੇ ਅਤੇ ਬਦਲੀ ਹੋਈ ਸਥਿਤੀ ਨੂੰ ਆਪ ਵਾਚਣਗੇ।
ਉਨਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਮੌਜੂਦਾ ਸਥਿਤੀ ਨੂੰ ਜਾਣਿਆ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਇਲਾਕੇ ਵਿੱਚ ਲੋਕਾਂ ਦੀ ਸਹਾਇਤਾ ਲਈ ਡਾਕਟਰਾਂ ਦੀਆਂ ਟੀਮਾਂ ਤੇ ਦਵਾਈਆਂ ਦਾ ਪ੍ਰਬੰਧ ਯਕੀਨੀ ਬਣਾਉਣ ਅਤੇ ਜੇਕਰ ਫਿਰ ਵੀ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸਦਾ ਤੁਰੰਤ ਇਲਾਜ ਕੀਤਾ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























