Punjab : ਗੁ. ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦਾ ਦਿਹਾਂਤ
SGPC ਪ੍ਰਧਾਨ ਧਾਮੀ ਨੇ ਬਾਬਾ ਬਲਜਿੰਦਰ ਸਿੰਘ ਦੇ ਅਕਾਲ ਚਲਾਣਾ ‘ਤੇ ਗਹਿਰੇ ਦੁੱਖ ਦਾ ਕੀਤਾ ਪ੍ਰਗਟਾਵਾ
ਚੰਡੀਗੜ੍ਹ, 25 ਅਗਸਤ 2025 (ਵਿਸ਼ਵ ਵਾਰਤਾ): ਗੁ. ਰਾੜਾ ਸਾਹਿਬ (Punjab) ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਜੀ ਦਾ ਦਿਹਾਂਤ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਬਲਜਿੰਦਰ ਸਿੰਘ ਨੇ ਜਿਥੇ ਪ੍ਰੰਪਰਿਕ ਢੰਗ ਨਾਲ ਦੇਸ਼ ਵਿਦੇਸ਼ ਅੰਦਰ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ, ਉਥੇ ਹੀ ਉਨ੍ਹਾਂ ਵੱਲੋਂ ਗੁਰਬਾਣੀ ਨੂੰ ਡਿਜੀਟਲ ਮਾਧਿਅਮ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਤਿਆਰ ਕੀਤਾ ਈਸ਼ਰ ਮਾਈਕਰੋ ਮੀਡੀਆ ਕੌਮ ਲਈ ਵੱਡੀ ਦੇਣ ਹੈ। ਉਨ੍ਹਾਂ ਦੇ ਇਸ ਉਪਰਾਲੇ ਦਾ ਕੇਵਲ ਗੁਰਬਾਣੀ ਅਤੇ ਇਤਿਹਾਸ ਦੇ ਖੋਜੀ ਹੀ ਲਾਹਾ ਨਹੀਂ ਲੈ ਰਹੇ, ਸਗੋਂ ਆਮ ਸਿੱਖ ਸੰਗਤਾਂ ਵੀ ਇਸ ਦੀ ਵਰਤੋਂ ਕਰਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੁੜ ਰਹੀਆਂ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਅੱਜ ਦੇ ਇੰਟਰਨੈੱਟ ਦੇ ਯੁੱਗ ਅੰਦਰ ਉਨ੍ਹਾਂ ਦੀ ਇਸ ਦੇਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਐਡਵੋਕੇਟ ਧਾਮੀ ਨੇ ਬਾਬਾ ਬਲਜਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੇ ਸਨੇਹੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਰਤਾ ਪੁਰਖ਼ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























