Florida Accident : ਟਰੱਕ ਡਰਾਈਵਰ ਹਰਜਿੰਦਰ ਸਿੰਘ ਲਈ ਪਟੀਸ਼ਨ ‘ਤੇ ਹੁਣ ਤਕ ਕਿੰਨੇ ਲੋਕਾਂ ਨੇ ਕੀਤੇ ਦਸਤਖਤ? ਪੜ੍ਹੋ ਵੇਰਵਾ
– ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਵੀ ਆਈਆਂ ਅੱਗੇ
ਅਮਰੀਕਾ, 26 ਅਗਸਤ 2025 (ਵਿਸ਼ਵ ਵਾਰਤਾ): ਬੀਤੇ ਦਿਨੀਂ ਫਲੋਰਿਡਾ ’ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਵੱਲੋਂ ਅਚਾਨਕ ਗਲਤ ਯੂ-ਟਰਨ ਲੈਣ ਕਾਰਨ ਇਕ ਸੜਕ ਹਾਦਸਾ (Florida Accident) ਵਾਪਰ ਗਿਆ ਸੀ। ਇਸ ਹਾਦਸੇ ਦੌਰਾਨ ਵਾਹਨ ਚਾਲਕ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਟਰੱਕ ਡਰਾਈਵਰ ਹਰਜਿੰਦਰ ਸਿੰਘ ਲਈ ਨਿਰਪੱਖ ਸਜ਼ਾ ਦੀ ਮੰਗ ਕਰਨ ਵਾਲੀ ਇੱਕ ਪਟੀਸ਼ਨ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ‘ਤੇ ਕੁਝ ਹੀ ਦਿਨਾਂ ਵਿੱਚ 2.9 ਮਿਲੀਅਨ ਤੋਂ ਵੱਧ ਪ੍ਰਮਾਣਿਤ ਦਸਤਖਤ ਹੋ ਚੁੱਕੇ ਹਨ ਤਾਂ ਜੋ ਉਨ੍ਹਾਂ ਨੂੰ ਬਚਾਇਆ ਜਾ ਸਕੇ।

ਦੱਸ ਦਈਏ ਕਿ ਇਸ ਘਟਨਾ ਤੋਂ ਬਾਅਦ ਹਰਜਿੰਦਰ ਸਿੰਘ ਨੂੰ ਕਈ ਸਾਲਾਂ ਲਈ ਜੇਲ੍ਹ ਦੀ ਸਜ਼ਾ ਹੋਣ ਦਾ ਖ਼ਤਰਾ ਹੈ। ਅਮਰੀਕੀ ਕਾਨੂੰਨ ਅਨੁਸਾਰ, ਉਸਨੂੰ ਹੁਣ ਕਤਲ ਦੇ ਦੋਸ਼ ਵਿੱਚ 45 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਹਾਦਸੇ ਤੋਂ ਬਾਅਦ ਉੱਥੋਂ ਦੀ ਸਰਕਾਰ ਸਖ਼ਤ ਹੋ ਗਈ ਹੈ। ਸਰਕਾਰ ਨੇ ਵਿਦੇਸ਼ੀ ਟਰੱਕ ਡਰਾਈਵਰਾਂ ਨੂੰ ਵਰਕ ਵੀਜ਼ਾ ਦੇਣ ‘ਤੇ ਰੋਕ ਲਾਉਣ ਦੀ ਗੱਲ ਵੀ ਆਖੀ ਹੈ।
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਵੀ ਇਸ ਮਾਮਲੇ ਵਿੱਚ ਅੱਗੇ ਆਈਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਨੂੰ ਤੁਰੰਤ ਅਮਰੀਕੀ ਸਰਕਾਰ ਦੇ ਸਾਹਮਣੇ ਪਹਿਲ ਦੇ ਆਧਾਰ ‘ਤੇ ਉਠਾਉਣ ਅਤੇ ਇਸ ਪੰਜਾਬੀ ਸਿੱਖ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕਣ।
ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਨੇ ਵੀ ਵਿਦੇਸ਼ ਮੰਤਰਾਲੇ ਨੂੰ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਮਰੀਕੀ ਸਰਕਾਰ ਦਾ ਸਾਰੇ ਵਿਦੇਸ਼ੀ ਟਰੱਕ ਡਰਾਈਵਰਾਂ ਲਈ ਵੀਜ਼ਾ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਅਨੁਚਿਤ ਹੈ, ਕਿਉਂਕਿ ਇਸਦਾ ਹਜ਼ਾਰਾਂ ਮਿਹਨਤੀ ਅਤੇ ਇਮਾਨਦਾਰ ਪ੍ਰਵਾਸੀਆਂ ਦੀ ਰੋਜ਼ੀ-ਰੋਟੀ ‘ਤੇ ਡੂੰਘਾ ਪ੍ਰਭਾਵ ਪੈ ਸਕਦਾ ਹੈ।
ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਵੀ ਵਿਦੇਸ਼ ਮੰਤਰਾਲੇ ਨੂੰ ਇਕ ਚਿੱਠੀ ਲਿਖੀ ਗਈ ਹੈ, ਜਿਸ ਵਿਚ ਉਨ੍ਹਾਂ ਇਸ ਸਾਰੇ ਮਾਮਲੇ ’ਚ ਕੇਂਦਰ ਸਰਕਾਰ ਵਲੋਂ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਚਿੱਠੀ ਲਿਖ ਕੇ ਮੰਗ ਕੀਤੀ ਕਿ ਅਮਰੀਕਾ ਸਰਕਾਰ ਨਾਲ ਗੱਲਬਾਤ ਕਰ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਘਟਨਾ ਲਈ ਪੂਰੀ ਕੌਮ ਨੂੰ ਸਜ਼ਾ ਨਾ ਦਿਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਾਸ਼ਿੰਗਟਨ ਡੀ.ਸੀ. ਸਥਿਤ ਭਾਰਤੀ ਦੂਤਾਵਾਸ ਰਾਹੀਂ ਅਮਰੀਕੀ ਅਧਿਕਾਰੀਆਂ ਨਾਲ ਤੁਰਤ ਗੱਲਬਾਤ ਕਰ ਕੇ ਟਰੱਕ ਡਰਾਈਵਰਾਂ ਲਈ ਲਗਾਈਆਂ ਪਾਬੰਦੀਆਂ ’ਤੇ ਮੁੜ ਵਿਚਾਰ ਕਰਵਾਇਆ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























