– ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਅਤੇ ਸਿਹਤ ਸਹੂਲਤਾਂ ਦੇਣ ਤੋਂ ਭੱਜ ਨਹੀਂ ਸਕਦੀ-ਆਪ
ਚੰਡੀਗੜ੍ਹ, 21 ਜਨਵਰੀ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਨਿੱਜੀਕਰਨ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਸੂਬੇ ਦੇ ਲੋਕਾਂ ਨੂੰ ਸੰਵਿਧਾਨ ਰਾਹੀਂ ਮਿਲੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਕਰਾਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਦਿੱਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਨਿੱਜੀਕਰਨ ਦੀ ਚਾਲ ਹੈ ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਦੇ ਲੱਖਾਂ ਦਲਿਤ ਅਤੇ ਗਰੀਬ ਬੱਚਿਆਂ ਤੋਂ ਸਿੱਖਿਆ ਅਤੇ ਸਿਹਤ ਦੀ ਸੁਵਿਧਾ ਖੋਹੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਸਰਕਾਰ ਉੱਤੇ ਵਰ੍ਹਦਿਆਂ ਚੀਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਦੀ ਸਹੂਲਤ ਦੇਣਾ ਸਰਕਾਰ ਦਾ ਮੁੱਖ ਕਾਰਜ ਹੈ ਪ੍ਰੰਤੂ ਕਾਂਗਰਸ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਵੀ ਨਿੱਜੀਕਰਨ ਲਿਆ ਕੇ ਲੋਕਾਂ ਤੋਂ ਉਨ੍ਹਾਂ ਦੇ ਅਧਿਕਾਰ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਚੀਮਾ ਨੇ ਕਿਹਾ ਕਿ ਪਹਿਲਾਂ ਹੀ ਬਾਦਲ ਅਤੇ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦਾ ਬੁਰਾ ਹਾਲ ਹੈ।
ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੁਆਰਾ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਕੀਤੇ ਕੰਮਾਂ ਦਾ ਜਕਿਰ ਕਰਦਿਆਂ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿਚ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਦਿਆਂ ਉਨ੍ਹਾਂ ਨੂੰ ਸਿੱਖਿਆ ਅਤੇ ਸਿਹਤ ਦੀਆਂ ਉੱਤਮ ਸੁਵਿਧਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੁਆਰਾ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਕੰਮ ਕੀਤੇ ਗਏ ਕੰਮਾਂ ਦੀ ਪੂਰੇ ਵਿਸਵ ਦੇ ਵਿਚ ਧਾਕ ਪਈ ਹੈ ਅਤੇ ਨਵੀਆਂ ਤਕਨੀਕਾਂ ਨਾਲ ਗ਼ਰੀਬ ਅਤੇ ਦਲਿਤ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ। ਪਿਛਲੇ ਸਾਲ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਪ੍ਰਾਈਵੇਟ ਸਕੂਲਾਂ ਨਾਲੋਂ ਚੰਗਾ ਰਿਹਾ ਹੈ ਅਤੇ 90 ਪ੍ਰਤੀਸ਼ਤ ਤੋਂ ਵੱਧ ਬੱਚੇ ਪਾਸ ਹੋਏ ਹਨ। ਇਸੇ ਤਰ੍ਹਾਂ ਦਿੱਲੀ ਦੇ ਹਸਪਤਾਲਾਂ ਵਿੱਚ ਇਲਾਜ ਅਤੇ ਦਵਾਈਆਂ ਦੀ ਸੁਵਿਧਾ ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਗ਼ਰੀਬ ਅਤੇ ਦਲਿਤ ਵਰਗ ਦੇ ਲੋਕਾਂ ਦੇ ਅਪ੍ਰੇਸ਼ਨ ਤੱਕ ਮੁਫਤ ਕੀਤੇ ਜਾ ਰਹੇ ਹਨ।
ਪੰਜਾਬ ਵਿੱਚ ਇੱਕ ਨਿੱਜੀ ਸਰਵੇ ਏਜੰਸੀ ਦਾ ਹਵਾਲਾ ਦਿੰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਪਿਛਲੇ ਸਾਲਾਂ ਵਿੱਚ ਸੂਬੇ ਵਿੱਚ ਡੇਢ ਲੱਖ ਦੇ ਕਰੀਬ ਸਕੂਲ ਬੰਦ ਕੀਤੇ ਗਏ ਹਨ ਅਤੇ ਕਈ ਹੋਰ ਬੰਦ ਕੀਤੀ ਜਾਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਸਿਹਤ ਸੰਸਥਾਨਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣਾ ਸਰਕਾਰ ਦੀ ਇੱਕ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦਾ ਨਿੱਜੀਕਰਨ ਕਰਨ ਨਾਲ ਸਰਕਾਰ ਲੋਕਾਂ ਤੋਂ ਉਨ੍ਹਾਂ ਦਾ ਬੁਨਿਆਦੀ ਹੱਕ ਖੋਹ ਰਹੀ ਹੈ।
ਚੀਮਾ ਨੇ ਮੰਗ ਕੀਤੀ ਕਿ ਸਰਕਾਰ ਆਪਣੇ ਇਸ ਲੋਕ ਵਿਰੋਧੀ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਨਹੀਂ ਤਾਂ ਆਮ ਆਦਮੀ ਪਾਰਟੀ ਸੂਬੇ ਭਰ ਵਿਚ ਸਰਕਾਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰੇਗੀ ।