LOP ਪ੍ਰਤਾਪ ਬਾਜਵਾ ਤੇ ਕਾਂਗਰਸੀ ਵਿਧਾਇਕਾਂ ਨੇ ਇਕ ਮਹੀਨੇ ਦੀ ਤਨਖਾਹ CM ਰਾਹਤ ਫ਼ੰਡ ‘ਚ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ, 29 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ‘ਚ ਲਗਾਤਾਰ ਮੀਂਹ ਕਾਰਨ ਹਾਲਾਤ ਬਹੁਤ ਚਿੰਤਾਜਨਕ ਬਣੇ ਹੋਏ ਹਨ। ਸੂਬੇ ਦੇ ਕਈ ਪਿੰਡ-ਸ਼ਹਿਰ ਪੂਰੀ ਤਰ੍ਹਾਂ ਹੜ੍ਹਾਂ ਦੀ ਮਾਰ ਹੇਠ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਸਾਰੇ ਮੈਂਬਰਾਂ ਵਲੋਂ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ‘ਚ ਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਟਵੀਟ ਕਰ ਕੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ

ਉਨ੍ਹਾਂ ਟਵੀਟ ਕੀਤਾ ਕਿ “ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ, ਮੈਂ ਅਤੇ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ ਇੱਕ ਮਹੀਨੇ ਦੀ ਤਨਖਾਹ “ਮੁੱਖ ਮੰਤਰੀ ਹੜ੍ਹ ਰਾਹਤ ਫੰਡ” ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਹ ਮੁਸ਼ਕਲ ਸਮੇਂ ਵਿੱਚ ਹਮਦਰਦੀ ਦਾ ਇੱਕ ਨਿਮਰ ਸੰਕੇਤ ਹੈ। ਮੈਂ ਸਾਰੇ ਨਾਗਰਿਕਾਂ ਅਤੇ ਸੰਗਠਨਾਂ ਨੂੰ ਰਾਹਤ ਅਤੇ ਪੁਨਰਵਾਸ ਲਈ ਅੱਗੇ ਆਉਣ ਦੀ ਅਪੀਲ ਕਰਦਾ ਹਾਂ।”
ਦੱਸ ਦਈਏ ਕਿ ਬੀਤੇ ਦਿਨ ਸੂਬੇ ਦੇ ਮੁੱਖ ਮੰਤਰੀ ਭਗਵਾਨ ਮਾਨ ਅਤੇ ਸਾਰੇ ਵਿਧਾਇਕਾਂ ਵੱਲੋਂ ਵੀ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵਾਨ ਮਾਨ ਨੇ ਇਸ ਸਬੰਧੀ ਸੋਸ਼ਲ ਮੀਡੀਆ X ‘ਤੇ ਪੋਸਟ ਸਾਂਝੀ ਕਰ ਕੇ ਕਿਹਾ ਕਿ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























