Jalandhar ਦੇ ਸਮੂਹ ਕਾਲਜਾਂ ‘ਚ ਛੁੱਟੀ ਦਾ ਐਲਾਨ
– ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ
ਜਲੰਧਰ, 1 ਸਤੰਬਰ (ਵਿਸ਼ਵ ਵਾਰਤਾ): ਭਾਰੀ ਬਾਰਿਸ਼ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ (Jalandhar) ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਅੱਜ 1 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕੁਝ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਰਕੇ ਆਵਾਜਾਈ ਅਤੇ ਪਬਲਿਕ ਹਿੱਤ ਨੂੰ ਦੇਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ। ਪੰਜਾਬ ਦੇ ਸਮੂਹ ਸਕੂਲਾਂ ਵਿੱਚ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 3 ਸਤੰਬਰ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋੜੀਂਦੇ ਰਾਹਤ ਕੇਂਦਰ ਸਥਾਪਿਤ ਕਰਨ ਤੋਂ ਇਲਾਵਾ ਜ਼ਰੂਰੀ ਸਮੱਗਰੀ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਹੈਲਪਲਾਈਨ ਨੰਬਰ 0181-2224417 ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0181-2240064 ਵੀ ਕੰਮ ਕਰ ਰਿਹਾ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਅਫ਼ਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕਰਦਿਆਂ ਡਾ. ਅਗਰਵਾਲ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























