Punjab CM ਭਗਵੰਤ ਮਾਨ ਅੱਜ ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
– ਰਾਹਤ ਅਤੇ ਬਚਾਅ ਕਾਰਜਾਂ ਦਾ ਲੈਣਗੇ ਜਾਇਜ਼ਾ
ਚੰਡੀਗੜ੍ਹ, 1 ਸਤੰਬਰ 2025 (ਵਿਸ਼ਵ ਵਾਰਤਾ) –ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਵਿਚਕਾਰ, ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਅਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਮਾਨ ਹੁਸ਼ਿਆਰਪੁਰ ਦੇ ਰਾਹਤ ਕੇਂਦਰ ਵਿੱਚ ਮੌਜੂਦ ਲੋਕਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਟਾਂਡਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕਰਨਗੇ। ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਪੈਦਾ ਹੋਏ ਗੰਭੀਰ ਸੰਕਟ ਦੇ ਮੱਦੇਨਜ਼ਰ ਇਸ ਸਮੇਂ ਸਰਕਾਰ ਦਾ ਮੁੱਖ ਧਿਆਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਸਮੱਗਰੀ ਪ੍ਰਦਾਨ ਕਰਨ ‘ਤੇ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਪੱਤਰ ਲਿਖਿਆ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਇਸ ਨੂੰ ਲੰਬੇ ਸਮੇਂ ਬਾਅਦ ਆਈ ਸਭ ਤੋਂ ਭਿਆਨਕ ਆਫ਼ਤ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਲਗਪਗ ਇੱਕ ਹਜ਼ਾਰ ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਵਿਗੜਦੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਵਿਗੜ ਸਕਦੇ ਹਨ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲਗਪਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ ਮੁੱਖ ਤੌਰ ‘ਤੇ ਝੋਨੇ ਦੇ ਖੇਤ, ਹੜ੍ਹ ਦੇ ਪਾਣੀ ਨਾਲ ਡੁੱਬੇ ਹੋਏ ਹਨ, ਜਿਸ ਕਾਰਨ ਵਾਢੀ ਤੋਂ ਕੁਝ ਹਫ਼ਤੇ ਪਹਿਲਾਂ ਹੀ ਫਸਲਾਂ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹੜ੍ਹਾਂ ਦੇ ਸੰਕਟ ਕਾਰਨ ਨਾਜ਼ੁਕ ਹਾਲਾਤ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸੂਬੇ ਦੇ ਕੁੱਲ 60,000 ਕਰੋੜ ਰੁਪਏ ਸਾਰੇ ਬਕਾਇਆ ਫੰਡ ਜਾਰੀ ਕਰਨ।






















