Punjab: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਭੋਆ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
– ਇੱਕ ਹਜਾਰ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਪਠਾਨਕੋਟ, 1 ਸਤੰਬਰ (ਵਿਸ਼ਵ ਵਾਰਤਾ) : ਪੰਜਾਬ (Punjab) ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦਿੱਤੀ ਜਾਵੇਗੀ, ਘਰ੍ਹਾਂ ਦੇ ਹੋਏ ਨੁਕਸਾਨ, ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ, ਲੋਕਾਂ ਨੂੰ ਚਿੰਤਾ ਦੀ ਲੋੜ ਨਹੀਂ, ਪੰਜਾਬ ਸਰਕਾਰ ਵੱਲੋਂ ਕੁਦਰਤੀ ਮਾਰ ਹੇਠ ਆਏ ਇੱਕ ਇੱਕ ਪਰਿਵਾਰ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਹਰ ਤਰ੍ਹਾਂ ਨਾਲ ਲੋਕਾਂ ਦਾ ਸਹਿਯੋਗ ਕੀਤਾ ਜਾਵੇਗਾ।
ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਹਿਮਾਚਲ ਪ੍ਰਦੇਸ ਅਤੇ ਜੰਮੂ ਕਸ਼ਮੀਰ ਵਿੱਚ ਹੋਈ ਜਿਆਦਾ ਬਾਰਿਸ਼ ਦੇ ਚਲਦਿਆਂ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਕਈ ਪਿੰਡ ਪਾਣੀ ਦੀ ਮਾਰ ਹੇਠ ਆਏ ਹਨ। ਜਿੱਥੇ ਲੋਕਾਂ ਦੇ ਘਰ੍ਹਾਂ ਦਾ ਨੁਕਸਾਨ ਹੋਇਆ ਹੈ ਇਸ ਦੇ ਨਾਲ ਹੀ ਫਸਲਾਂ ਵੀ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਬਮਿਆਲ, ਤਾਸ, ਮਾਖਨਪੁਰ, ਮਜੀਰੀ, ਬਸਾਓੂ ਬਾੜਵਾਂ, ਮੋਗੇ ਵਾਲਿਆਂ ਦੇ ਡੇਰੇ ਆਦਿ ਪਿੰਡਾਂ ਵਿੱਚ ਪਹੁੰਚ ਕੇ ਕਰੀਬ ਇੱਕ ਹਜਾਰ ਪਰਿਵਾਰ ਨੂੰ ਰਾਸ਼ਨ ਅਤੇ ਪਸ਼ੂਆਂ ਦੇ ਲਈ ਕਰੀਬ 500 ਬੋਰੀਆਂ ਚੋਖਰ ਦੀਆਂ ਲੋਕਾਂ ਨੂੰ ਵੰਡੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਲੋਕਾਂ ਦੇ ਲਈ ਰਾਸ਼ਨ, ਪਾਣੀ ਆਦਿ ਦੀ ਵਿਵਸਥਾ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਪਸ਼ੂਆਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ ਚੋਖਰ ਦੀ ਵੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਲਾਕੇ ਵਿੱਚ ਸੜਕਾਂ ਨੂੰ ਦਰੂਸਤ ਕਰਨ ਦੇ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਲਗਾਤਾਰ ਕਾਰਜ ਕਰ ਰਹੇ ਹਨ, ਬਿਜਲੀ ਦੀ ਨਿਰਵਿਗਨ ਸਪਲਾਈ ਦੇ ਲਈ ਪਾਵਰਕਾੱਮ ਦੇ ਕਰਮਚਾਰੀ ਵੀ ਦਿਨ ਰਾਤ ਕੰਮ ਕਰ ਰਹੇ ਹਨ, ਪਸੂਆਂ ਦੇ ਲਈ ਵਿਭਾਗ ਵੱਲੋਂ ਡਾਕਟਰਾਂ ਦੀਆਂ ਟੀਮਾਂ ਬਣਾ ਕੇ ਪਿੰਡ ਪਿੰਡ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਇਸ ਮਾੜੀ ਘੜ੍ਹੀ ਤੋਂ ਰਾਹਤ ਦਿਵਾਈ ਜਾ ਸਕੇ। ਦੱਸ ਦਈਏ ਕਿ ਸਰਕਾਰੀ ਅੰਕੜਿਆਂ ਅਨੁਸਾਰ, ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















